ਚਾਰ ਵਿਧਾਨ ਸਭਾ ਸੀਟਾਂ ਤੋਂ ਜਿੱਤੇ ਵਿਧਾਇਕ, 2 ਦਸੰਬਰ ਨੂੰ ਚੁੱਕਣਗੇ ਸਹੁੰ !

ਡੈਸਕ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਵਿਧਾਇਕਾਂ ਨੂੰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ।

ਜਾਰੀ ਵੇਰਵਿਆਂ ਮੁਤਾਬਕ ਸਮਾਗਮ ਸਵੇਰੇ 11:30 ਵਜੇ ਹੋਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਚੋਣ ਵਿੱਚ ਚਾਰ ਵਿੱਚੋਂ ਤਿੰਨ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਕੁੱਲ ਸੀਟਾਂ ਦੀ ਗਿਣਤੀ 95 ਹੋ ਗਈ ਹੈ।

ਪੰਜਾਬ ਦੀਆਂ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ’ਤੇ ਜ਼ਿਮਨੀ ਚੋਣਾਂ ਹੋਈਆਂ ਸਨ ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਜਿੰਦਰ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ. ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ। ਇਹ ਤਿੰਨੇ ਆਗੂ ਆਮ ਆਦਮੀ ਪਾਰਟੀ ਨਾਲ ਸਬੰਧਿਤ ਹਨ ਜਦਕਿ ਇਸ ਵਾਰ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ।

ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਚੁਣੇ ਗਏ ਵਿਧਾਇਕਾਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ। ਮੀਟਿੰਗ ਵਿੱਚ ਸੀਐਮ ਭਗਵੰਤ ਮਾਨ ਨੇ ਸਾਰਿਆਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਸਾਰਿਆਂ ਨੂੰ ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਲੋਕਾਂ ਦੀ ਸੇਵਾ ਕਰਨ ਅਤੇ ਵਿਕਾਸ ਕਾਰਜ ਕਰਨ ਲਈ ਕਿਹਾ।

Be the first to comment

Leave a Reply

Your email address will not be published.


*