ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਦਿੱਤੀ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ! ਬਾਬਾ ਅਵਤਾਰ ਸਿੰਘ ਨੇ ਹਾਸਿਲ ਕੀਤਾ ਸਨਮਾਨ !

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕੀਤਾ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਸਨਮਾਨ ਦਲ ਪੰਥ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੂੰ ਸੌਂਪਿਆ ਗਿਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਾਬਾ ਦਯਾ ਸਿੰਘ ਵੱਲੋਂ ਕੌਮ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਦਯਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹੁੰਦਿਆਂ ਸਿੱਖ ਪੰਥ ਲਈ ਵੱਡਮੁੱਲੀਆਂ ਸੇਵਾਵਾਂ ਕੀਤੀਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਤਤਪਰ ਰਹੇ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਇਹ ਸਨਮਾਨ ਦਿੱਤਾ ਜਾ ਰਿਹਾ ਹੈ।

ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *