ਬਰਨਾਲਾ, 6 ਫਰਵਰੀ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪਹਿਲੇ ਪੜਾਅ ਵਿੱਚ ਰੋਜ਼ਾਨਾ 19 ਥਾਵਾਂ ‘ਤੇ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਵਿਸ਼ੇਸ਼ ਕੈਂਪ ਜਾਰੀ ਹਨ।
ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਆਈ ਏ ਐੱਸ ਨੇ ਦੱਸਿਆ ਕਿ ਉਪਰੋਕਤ 19 ਕੈਂਪ ਇਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਰੋਜ਼ਾਨਾਂ ਲੱਗ ਰਹੇ ਹਨ ਅਤੇ ਇਨ੍ਹਾਂ ਇਲਾਕਿਆਂ ਵਿੱਚ ਲਾਭਪਾਤਰੀਆਂ ਦੀ ਰਜ਼ਿਸਟ੍ਰੇਸ਼ਨ ਕਰਨ ਤੋਂ ਬਾਅਦ ਇਹ ਕੈਂਪ ਹੋਰਾਂ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਜਾਣਗੇ। ਓਨ੍ਹਾਂ ਅੱਜ ਪਿੰਡ ਸੇਖਾ ਵਿਚ ਕੈਂਪ ਦਾ ਦੌਰਾ ਕਰਕੇ ਜਾਇਜ਼ਾ ਲਿਆ।
ਓਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਣਾ ਹੈ, ਜਿਸ ਨਾਲ ਹਰ ਪਰਿਵਾਰ ਦਾ 10 ਲੱਖ ਰੁਪਏ ਸਾਲਾਨਾ ਦਾ ਨਕਦੀ ਰਹਿਤ ਇਲਾਜ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਦੇ ਨਾਲ ਨਾਲ ਪ੍ਰਾਈਵੇਟ ਹਸਪਤਾਲ ਵੀ ਸੂਚੀਬੱਧ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਕੈਂਪਾਂ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਕਰਾਉਣ।

