ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮ ਵੇਅਰਹਾਊਸ ਦੀ ਕੀਤੀ ਤਿਮਾਹੀ ਪੜਤਾਲ

ਹੁਸ਼ਿਆਰਪੁਰ, 30 ਦਸੰਬਰ :
ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਈ.ਵੀ.ਐਮ ਵੇਅਰਹਾਊਸ ਦੀ ਦਸੰਬਰ 2025 ਦੀ ਤਿਮਾਹੀ ਪੜਤਾਲ  ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਪੜਤਾਲ ਪ੍ਰਕਿਰਿਆ ਤਹਿਤ ਵੇਅਰਹਾਊਸ ਨੂੰ ਖੋਲ੍ਹ ਕੇ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਥਿਤੀ, ਸੁਰੱਖਿਆ ਪ੍ਰਬੰਧ, ਸੀਲਿੰਗ ਵਿਵਸਥਾ ਅਤੇ ਸੀ.ਸੀ.ਟੀ.ਵੀ ਨਿਗਰਾਨੀ ਵਿਵਸਥਾ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸਾਰੇ ਸਬੰਧਤ ਰਿਕਾਰਡ, ਲਾਗ ਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਈ.ਵੀ.ਐਮ ਵੇਅਰਹਾਊਸ ਦੀ ਤਿਮਾਹੀ ਪੜਤਾਲ ਇਕ ਨਿਯਮਿਤ ਅਤੇ ਜ਼ਰੂਰੀ ਪ੍ਰਕਿਰਿਆ ਹੈ, ਜੋ ਹਰੇਕ ਜ਼ਿਲ੍ਹੇ ਵਿਚ ਸਮੇਂ-ਸਮੇਂ ਸਿਰ ਕੀਤੀ ਜਾਂਦੀ ਹੈ। ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਬਣਾਏ ਰੱਖਣਾ ਹੈ। ਉਨ੍ਹਾਂ ਸੰਤੁਸ਼ਟੀ ਪ੍ਰਗਟ ਕੀਤੀ ਕਿ ਜ਼ਿਲ੍ਹੇ ਵਿਚ ਵੇਅਰਹਾਊਸ ਦੀ ਵਿਵਸਥਾ ਉੱਚ ਮਿਆਰਾਂ ਅਨੁਸਾਰ ਪਾਈ ਗਈ ਹੈ।
ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੇ ਇਸ ਦੌਰਾਨ ਪੂਰੀ ਪ੍ਰਕਿਰਿਆ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਨ ਕੁਮਾਰ, ਸ਼੍ਰੋਮਣੀ ਅਕਾਲੀ ਦਲ ਤੋਂ ਲਖਵਿੰਦਰ ਲੇਖੀ ਅਤੇ ਸੀ.ਪੀ.ਆਈ (ਐਮ) ਤੋਂ ਬਲਵਿੰਦਰ ਸਿੰਘ ਤੋਂ ਇਲਾਵਾ  ਚੋਣ ਕਾਨੂੰਗੋ ਦੀਪਕ ਕੁਮਾਰ ਤੇ ਲਖਵੀਰ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *