ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰੀ ਸਕੀਮਾਂ ਦਾ ਬਣਦਾ ਲਾਭ ਯਕੀਨੀ ਬਣਾਇਆ ਜਾਵੇ: ਚੇਅਰਮੈਨ ਮਲਕੀਤ ਥਿੰਦ

ਮਾਨਸਾ, 7 ਜਨਵਰੀ

         ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਬਣਦਾ ਲਾਭ ਲੋੜਵੰਦਾਂ ਨੂੰ ਮੁਹੱਈਆ ਕਰਾਉਣਾ ਯਕੀਨੀ ਬਣਾਇਆ ਜਾਵੇ।

       ਇਹ ਪ੍ਰਗਟਾਵਾ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਡਾ. ਮਲਕੀਤ ਸਿੰਘ ਥਿੰਦ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।

          ਇਸ ਮੌਕੇ ਚੇਅਰਮੈਨ ਥਿੰਦ ਨੇ ਵੱਖ ਵੱਖ ਵਿਭਾਗਾਂ ਦੀਆਂ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਗ੍ਰਾਂਟ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਦਾ ਲਾਭ ਲੈਣ ਵਿੱਚ ਕਿਸੇ ਨੂੰ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।

          ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰੇਕ ਵਰਗ ਨੇ ਨਾਲ ਨਾਲ ਪੱਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰੇਕ ਪਿੰਡ, ਵਾਰਡ ਪੱਧਰ ‘ਤੇ ਪੱਛੜੀਆਂ ਸ਼੍ਰੇਣੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ।

          ਉਨ੍ਹਾਂ ਕਿਹਾ ਕਿ ਅਹਿਮ ਸਕੀਮਾਂ ਜਿਵੇਂ ਆਸ਼ੀਰਵਾਦ ਸਕੀਮ, ਸਕਾਲਰਸ਼ਿਪ ਸਕੀਮ, ਪਛੜੀ ਸ਼੍ਰੇਣੀ ਸਰਟੀਫਿਕੇਟ ਬਣਾਉਣ ਲਈ ਜਾਣਕਾਰੀ ਤੋਂ ਵਾਂਝੇ ਪੱਛੜੇ ਵਰਗ ਦੇ ਲੋਕਾਂ ਤੱਕ ਪ੍ਰਚਾਰ ਦੀ ਲੋੜ ਹੈ। ਉਨ੍ਹਾਂ ਨੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਆਉਂਦੀਆਂ ਦਿੱਕਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦ ਲੋਕਾਂ ਦੀਆਂ ਵਿਭਾਗੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਹਦਾਇਤ ਕੀਤੀ।

          ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਇਸ ਸ਼੍ਰੇਣੀ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦੇ ਮਸਲਿਆਂ ਬਾਰੇ ਸਮੇਂ ਸਮੇਂ ‘ਤੇ ਸਰਕਾਰ ਨੂੰ ਲਿਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਰਕਾਰੀ ਵਿਭਾਗਾਂ ਵਿਚ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।

                   ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਸ. ਗੁਰਪ੍ਰੀਤ ਸਿੰਘ ਭੁੱਚਰ, ਅੰਡਰ ਟ੍ਰੇਨਿੰਗ ਆਈ ਏ ਐੱਸ ਗੁਰਲੀਨ ਕੌਰ, ਐੱਸ ਡੀ ਐਮ ਮਾਨਸਾ ਕਾਲਾ ਰਾਮ ਕਾਂਸਲ, ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *