ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਵਿੱਚ ਜਾਗਰੂਕਤਾ ਪਦ ਯਾਤਰਾਵਾਂ ਦਾ ਆਗਾਜ਼

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਜਨਵਰੀ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਿਰਣਾਇਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਫੇਜ਼–2 ਦੀ ਸ਼ੁਰੂਆਤ ਅੱਜ ਹਲਕਾ ਡੇਰਾਬੱਸੀ ਵਿੱਚ ਪਿੰਡ ਬਾਕਰਪੁਰ ਤੋਂ ਜ਼ੋਰ ਸ਼ੋਰ ਨਾਲ ਕੀਤੀ ਗਈ। ਇਸ ਮੌਕੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਪਦ-ਯਾਤਰਾਵਾਂ ਦਾ ਆਗਾਜ਼ ਕੀਤਾ ਗਿਆ।

ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ ਕਰ ਰਹੀ, ਸਗੋਂ ਸਮਾਜ ਨੂੰ ਜਾਗਰੂਕ ਕਰਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੇਜ਼–2 ਦੌਰਾਨ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜ਼ਮੀਨੀ ਪੱਧਰ ‘ਤੇ ਜਾਗਰੂਕਤਾ, ਰੋਕਥਾਮ, ਇਲਾਜ ਅਤੇ ਪੁਨਰਵਾਸ ਉੱਤੇ ਖਾਸ ਧਿਆਨ ਦਿੱਤਾ ਜਾਵੇਗਾ।

ਹਲਕਾ ਵਿਧਾਇਕ ਨੇ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਮੱਸਿਆ ਹੈ ਅਤੇ ਇਸਨੂੰ ਖ਼ਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਵੱਲ ਧਿਆਨ ਦੇਣ।

ਇਸ ਮੌਕੇ ਸੁਮਿਤ ਰਾਣਾ, ਹਲਕਾ ਕੋਆਰਡੀਨੇਟਰ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਪਦ ਯਾਤਰਾਵਾਂ, ਜਾਗਰੂਕਤਾ ਕੈਂਪ, ਸਕੂਲਾਂ–ਕਾਲਜਾਂ ਵਿੱਚ ਪ੍ਰੋਗਰਾਮ ਅਤੇ ਪਿੰਡ ਪੱਧਰ ‘ਤੇ ਲੋਕ ਸੰਪਰਕ ਰਾਹੀਂ ਨਸ਼ਿਆਂ ਖ਼ਿਲਾਫ਼ ਵੱਡੀ ਲਹਿਰ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣਾ ਸਾਰਿਆਂ ਦਾ ਸਾਂਝਾ ਸੰਕਲਪ ਹੈ।

ਪਦ ਯਾਤਰਾ ਦੌਰਾਨ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਨਸ਼ਾ ਛੱਡਣ ਲਈ ਸਰਕਾਰ ਵੱਲੋਂ ਉਪਲਬਧ ਇਲਾਜ ਅਤੇ ਪੁਨਰਵਾਸ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ, ਨੌਜਵਾਨਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਇਸ ਪਦ ਯਾਤਰਾ ਵਿੱਚ ਭਾਗ ਲਿਆ।

ਐਮ ਐਲ ਏ ਰੰਧਾਵਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਨਸ਼ਿਆਂ ਖ਼ਿਲਾਫ਼ ਇਹ ਲੜਾਈ ਨਿਰੰਤਰ ਜਾਰੀ ਰਹੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਮੁਕਤ ਪੰਜਾਬ ਬਣਾਇਆ ਜਾਵੇਗਾ।

Leave a Reply

Your email address will not be published. Required fields are marked *