ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਰਜਿਸਟਰਡ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਦਾ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ, 2026 ਨੂੰ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐਸ.ਆਈ.ਏ.ਐਮ.) ਨੂੰ ਕੰਮ ਸੌਂਪਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਵਾਹਨ ਮਾਲਕ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਐਸ.ਆਈ.ਏ.ਐਮ. / ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਪੋਰਟਲ (www.siam.in) ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ ਅਤੇ ਘਰ ਬੈਠੇ ਹੀ ਵਾਹਨ ਮਾਲਕ ਇਸ ਪ੍ਰਕਿਰਿਆ ਰਾਹੀਂ ਆਨਲਾਈਨ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਅਪਲਾਈ ਕਰਨ ਦਾ ਲਾਭ ਲੈ ਸਕਦਾ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਨਾਲ ਵਾਹਨ ਮਾਲਕਾਂ ਦੀ ਖੱਜਲ-ਖੁਆਰੀ ਘਟੇਗੀ ਤੇ ਆਰ.ਟੀ.ਓ. ਦਫਤਰਾਂ ਦੇ ਚੱਕਰਾਂ ਲਗਾਉਣ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਆਮ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਫਿਕਸ ਕਰਵਾਉਣ ਲਈ ਕਿਸੇ ਵੀ ਅਣਅਧਿਕਾਰਤ ਏਜੰਟ ਜਾਂ ਵਿਚੋਲੇ ਕੋਲ ਜਾਣ ਦੀ ਲੋੜ ਨਹੀਂ ਹੈ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਭਰ ‘ਚ ਹੁਣ ਤੱਕ ਕੁੱਲ 64,24,336 ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਵਾਹਨ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਤ ਪ੍ਰਕਿਰਿਆ ਦਾ ਲਾਭ ਲੈਂਦੇ ਹੋਏ ਆਪਣੇ ਵਾਹਨਾਂ ‘ਤੇ ਜਲਦ ਤੋਂ ਜਲਦ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਵਾਉਣ ਯਕੀਨੀ ਬਣਾ ਲੈਣ ਤਾਂ ਜੋ ਚਲਾਨ ਆਦਿ ਤੋਂ ਬਚਿਆ ਜਾ ਸਕੇ।

ਟਰਾਂਸਪੋਰਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਦੇ ਹਿੱਤ ਵਿਚ ਇਹ ਟੀਚਾ ਮਿੱਥਿਆ ਹੈ ਕਿ ਹਰ ਕੰਮ ਵਿੱਚ ਪਾਰਦਸ਼ਤਾ ਲਿਆਂਦੀ ਜਾਵੇ, ਲੋਕਾਂ ਦੀ ਖੱਜਲ-ਖੁਆਰੀ ਨੂੰ ਖਤਮ ਕੀਤਾ ਜਾਵੇ, ਏਜੰਟਾਂ ਤੇ ਰਿਸ਼ਵਖੋਰੀ ‘ਤੇ ਲਗਾਮ ਲਗਾਈ ਜਾਵੇ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਤੇ ਮੋਟਰ ਵਾਹਨ ਐਕਟ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਦੇ ਉਪਬੰਧਾਂ ਅਨੁਸਾਰ ਨਿਰਧਾਰਤ ਪ੍ਰਕਿਰਿਆ ਦਾ ਲਾਭ ਲੈਂਦੇ ਹੋਏ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।

Leave a Reply

Your email address will not be published. Required fields are marked *