ਤਰਨ ਤਾਰਨ, 22 ਜਨਵਰੀ ( ) – 26 ਜਨਵਰੀ ਨੂੰ ਪੁਲਿਸ ਸਟੇਡੀਅਮ, ਤਰਨ ਤਾਰਨ ਵਿਖੇ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।
ਸਹਾਇਕ ਕਮਿਸ਼ਨਰ ਨੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਸ਼ਹਿਰ ਦੇ ਚੌਂਕਾਂ ਅਤੇ ਗੇਟਾਂ ਨੂੰ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਤੌਰ `ਤੇ ਸਜਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ `ਤੇ ਕੱਲ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੀ ਅਗਲੀ ਰਿਹਰਸਲ 23 ਜਨਵਰੀ ਨੂੰ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ 26 ਜਨਵਰੀ ਨੂੰ ਸਵੇਰੇ 9:00 ਵਜੇ ਪੁਲਿਸ ਸਟੇਡੀਅਮ ਵਿਖੇ ਪਹੁੰਚ ਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਣ।
ਇਸ ਮੌਕੇ ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਡੀ.ਡੀ.ਪੀ.ਓ. ਸ. ਪਿਆਰ ਸਿੰਘ ਖ਼ਾਲਸਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

