ਲੁਧਿਆਣਾ, 25 ਜਨਵਰੀ (000) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ 16ਵੇਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਲੁਧਿਆਣਾ ਵਿੱਚ ਕਰਵਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਅਤੇ ਹੋਰ ਵੀ ਮੌਜੂਦ ਸਨ।
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਲੁਧਿਆਣਵੀਆਂ ਵਾਸਤੇ ਇਹ ਬੜੇ ਮਾਣ ਵਾਲੀ ਗੱਲ ਹੈ ਕਿ 16ਵੇਂ ਨੈਸ਼ਨਲ ਵੋਟਰ ਦਿਵਸ ਮੌਕੇ ਲੁਧਿਆਣਾ ਨੂੰ ਉੱਤਮ ਚੋਣ ਜ਼ਿਲ੍ਹਾ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਚੋਣਾਂ ਵਿੱਚ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਅਤੇ ਵੱਧ ਚੜ੍ਹ ਕੇ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਉਨ੍ਹਾਂ 25 ਜਨਵਰੀ, 2011 ਤੋਂ ਮਨਾਏ ਜਾ ਰਹੇ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਲੋਕਤੰਤਰ ਦੀ ਰੱਖਿਆ ਲਈ, ਵੋਟ ਪਾਉਣ ਦਾ ਹੱਕ ਸਾਡੇ ਸੰਵਿਧਾਨ ਦੁਆਰਾ ਦਿੱਤੇ ਗਏ ਸਭ ਤੋਂ ਵੱਡੇ ਸਾਧਨਾਂ ਵਿੱਚੋਂ ਇੱਕ ਹੈ।
ਉਨ੍ਹਾਂ ਅੱਗੇ ਕਿਹਾ ਕਿ ਵੋਟ ਪਾਉਣਾ ਸਾਡਾ ਫਰਜ਼ ਹੈ ਅਤੇ ਸਾਰਿਆਂ ਨੂੰ ਆਪਣਾ ਫਰਜ਼ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ ਕਿਉਂਕਿ ਇਹ ਅਧਿਕਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਰਤ ਵਰਗੇ ਆਜ਼ਾਦ ਦੇਸ਼ ਵਿੱਚ ਰਹਿ ਕੇ ਮਾਣ ਮਹਿਸੂਸ ਕਰਦੇ ਹਾਂ, ਪਰ ਸਾਨੂੰ ਸਾਰਿਆਂ ਨੂੰ ਇਹ ਵੀ ਸਮਝਣਾ ਚਾਹੀਦਾ ਹੈ ਕਿ ਭਾਰਤ ਨੇ ਬਹੁਤ ਸੰਘਰਸ਼ ਤੋਂ ਬਾਅਦ ਆਜ਼ਾਦੀ ਪ੍ਰਾਪਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਜੋ ਕਿ ਸਾਡਾ ਫਰਜ਼ ਵੀ ਹੈ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ, 18-19 ਸਾਲ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਅਤੇ ਚੋਣਾਂ ਸਬੰਧੀ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਲਈ ਬੈਸਟ ਈ ਆਰ ਓ, ਬੈਸਟ ਬੀ ਐਲ ਓ, ਬੈਸਟ ਨੋਡਲ ਅਫ਼ਸਰ ਵਜੋਂ ਸਨਮਾਨਿਤ ਕੀਤਾ ਗਿਆ। ਇਸ ਲੜੀ ਵਿੱਚ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ ਨੂੰ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਲਈ ਉੱਤਮ ਚੋਣ ਰਜਿਸ਼ਟਰੇਸ਼ਨ ਅਧਿਕਾਰੀ ਐਲਾਨਿਆ ਗਿਆ ਜਦਕਿ ਜਸਪਾਲ ਸਿੰਘ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ, ਅਗਵਾੜ ਲੋਪੋਂ ਨੂੰ ਭਾਗ ਨੰਬਰ 35, ਵਿਧਾਨ ਸਭਾ ਹਲਕਾ 70-ਜਗਰਾਉਂ ਤੋਂ ਬੈਸਟ ਬੀ.ਐਲ.ਓ. ਅਤੇ ਹਰਜੋਤ ਸਿੰਘ ਬੈਂਸ, ਸਹਾਇਕ ਪ੍ਰੋਫੈਸਰ ਸਰਕਾਰੀ ਕਾਲਜ (ਲੜਕੀਆਂ), ਲੁਧਿਆਣਾ ਨੂੰ ਬੈਸਟ ਨੋਡਲ ਅਫਸਰ ਦਾ ਖਿਤਾਬ ਦਿੱਤਾ ਗਿਆ।
ਸਮਾਗਮ ਦੌਰਾਨ ਜ਼ਿਲ੍ਹਾ ਸਵੀਪ ਆਈਕਨਜ ਦਾ ਵੀ ਸਨਮਾਨ ਕੀਤਾ ਗਿਆ ਜਿਨ੍ਹਾਂ ਵਿੱਚ ਜ਼ਿਲ੍ਹਾ ਅਤੇ ਰਾਜ ਟਰਾਂਸਜੈਂਡਰ ਸਵੀਪ ਆਈਕਨ, ਮੋਹਨ ਮਹੰਤ, ਸਵੀਪ ਆਈਕਨ ਹਰੀ ਓਮ ਜਿੰਦਲ, ਪੀ.ਡਬਲਿਊ.ਡੀ. ਪੈਰਾ ਟੇਬਲ ਟੈਨਿਸ ਖਿਡਾਰੀ ਸ਼ੁਭਮ ਵੱਧਵਾ, ਪੈਰਾ ਬੈਡਿਮਿੰਟਨ ਖਿਡਾਰੀ ਅਸ਼ਵਨੀ ਕੁਮਾਰ ਅਤੇ ਸ਼ਬਾਨਾ ਸ਼ਾਮਲ ਸਨ।
ਸਮਾਗਮ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ ਜਿਸ ਵਿੱਚ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ ਨੇ ਇਸ ਮੌਕੇ ‘ਤੇ ਮੌਜੂਦ ਸਾਰੇ ਲੋਕਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ।
ਅਖੀਰ ਵਿੱਚ, ਸਰਕਾਰੀ ਕਾਲਜ (ਲੜਕੀਆਂ) ਦੇ ਵਿਦਿਆਰਥੀਆਂ ਵੱਲੋਂ ਵੋਟ ਦੇ ਅਧਿਕਾਰ ਦਾ ਸੰਦੇਸ਼ ਦੇਣ ਲਈ ਜਾਗਰੂਕਤਾ ਰੈਲੀ ਦਾ ਵੀ ਆਯੋਜਨ ਕੀਤਾ ਗਿਆ ਜਿਸ ਨੂੰ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਹਰੀ ਝੰਡੀ ਦਿੱਤੀ ਗਈ।

