ਸੰਗਰੂਰ, 25 ਜਨਵਰੀ:
ਲੋਕਤੰਤਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਾਈ ਭਾਰਤ ਸੰਗਰੂਰ ਵੱਲੋਂ ਮੈਰੀਟੋਰੀਅਸ ਸਕੂਲ, ਘਬਦਾਂ ਵਿਖੇ ਇੱਕ ਸੂਬਾ ਪੱਧਰੀ ਪੈਦਲ ਯਾਤਰਾ ਦਾ ਆਯੋਜਨ ਕੀਤਾ ਗਿਆ। “ਮੇਰਾ ਭਾਰਤ, ਮੇਰਾ ਵੋਟ” ਦੇ ਰਾਸ਼ਟਰੀ ਸੰਕਲਪ ਅਧੀਨ ਕਰਵਾਏ ਗਏ ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਪ੍ਰਤੀ ਜਾਗਰੂਕ ਕਰਨਾ ਸੀ।
ਪੈਦਲ ਯਾਤਰਾ ਮੈਰੀਟੋਰੀਅਸ ਸਕੂਲ, ਘਬਦਾਂ ਦੇ ਵਿਹੜੇ ਤੋਂ ਸ਼ੁਰੂ ਹੋ ਕੇ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਟਿਊਟ ਵਿਖੇ ਸਮਾਪਤ ਹੋਈ। ਇਸ ਵਿੱਚ ਸੈਂਕੜੇ ਵਿਦਿਆਰਥੀਆਂ ਅਤੇ ਸਥਾਨਕ ਨਾਗਰਿਕਾਂ ਨੇ ਹੱਥਾਂ ਵਿੱਚ ਜਾਗਰੂਕਤਾ ਤਖਤੀਆਂ ਫੜ੍ਹ ਕੇ ਅਤੇ ਉਤਸ਼ਾਹ ਭਰੇ ਨਾਅਰਿਆਂ ਨਾਲ ਭਾਗ ਲਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਚੇਅਰਮੈਨ, ਪੰਜਾਬ ਇੰਫੋਟੈਕ ਡਾ. ਗੁਨਿੰਦਰਜੀਤ ਸਿੰਘ ਜਵੰਧਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰਿੰਸੀਪਲ ਮੈਰੀਟੋਰੀਅਸ ਸਕੂਲ, ਘਬਦਾਂ ਡਾ. ਅਰਜੋਤ ਕੌਰ ਹਾਜ਼ਰ ਸਨ।
ਆਪਣੇ ਸੰਬੋਧਨ ਵਿੱਚ ਡਾ. ਗੁਨਿੰਦਰਜੀਤ ਸਿੰਘ ਨੇ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਮੋਢਿਆਂ ’ਤੇ ਟਿਕਿਆ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ “ਵੋਟ ਪਾਉਣਾ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਇੱਕ ਪਵਿੱਤਰ ਕਰਤੱਬ ਵੀ ਹੈ। ਇਸ ਪੈਦਲ ਯਾਤਰਾ ਰਾਹੀਂ ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵੋਟਰ ਪਿੱਛੇ ਨਾ ਰਹਿ ਜਾਵੇ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਦੇਸ਼ ਪ੍ਰਤੀ ਗਰਵ ਅਤੇ ਜ਼ਿੰਮੇਵਾਰੀ ਮਹਿਸੂਸ ਕਰਨ।”
ਇਸ ਮੌਕੇ ਮਨੁੱਖੀ ਕੜੀ ਬਣਾਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਸੰਦੇਸ਼ ਦਿੱਤਾ ਗਿਆ ਅਤੇ ਪਹਿਲੀ ਵਾਰ ਲੋਕਤੰਤਰਿਕ ਪ੍ਰਕਿਰਿਆ ਵਿੱਚ ਕਦਮ ਰੱਖਣ ਵਾਲੇ ਨਵੇਂ ਨੌਜਵਾਨ ਵੋਟਰਾਂ ਨੂੰ ਸਰਟੀਫਿਕੇਟ ਅਤੇ ਬੈਜ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਭਾਗੀਦਾਰਾਂ ਵੱਲੋਂ ਹਸਤਾਖ਼ਰ ਕਰਕੇ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਪਾਉਣ ਦਾ ਅਹਿਦ ਵੀ ਲਿਆ ਗਿਆ।
ਮਹਿਮਾਨਾਂ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਦੀਆਂ ਲੋਕਤੰਤਰਿਕ ਪਰੰਪਰਾਵਾਂ ਨੂੰ ਕਾਇਮ ਰੱਖਣ ਅਤੇ ਨਿਰਪੱਖ ਤੇ ਨੈਤਿਕ ਢੰਗ ਨਾਲ ਵੋਟ ਪਾਉਣ ਦੀ ਸਹੁੰ ਵੀ ਖਾਦੀ ਗਈ।
ਵਿਸ਼ੇਸ਼ ਮਹਿਮਾਨ ਡਾ. ਅਰਜੋਤ ਕੌਰ ਨੇ ਇਸ ਰਾਜ ਪੱਧਰੀ ਪਹਿਲ ਲਈ ਮਾਈ ਭਾਰਤ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿੱਚ ਨਾਗਰਿਕ ਜ਼ਿੰਮੇਵਾਰੀ ਅਤੇ ਲੋਕਤੰਤਰਿਕ ਚੇਤਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

