ਸ੍ਰੀ ਮੁਕਤਸਰ ਸਾਹਿਬ, 27 ਜਨਵਰੀ:
ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹੇ ਦੀਆਂ ਸਮੂਹ ਰੈੱਡ ਰਿਬਨ ਕਲੱਬਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 15 ਕਾਲਜਾਂ ਨੇ ਹਿੱਸਾ ਲਿਆ।
ਇਸ ਮੌਕੇ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਐੱਚ.ਆਈ.ਵੀ./ਏਡਜ਼, ਖੂਨਦਾਨ, ਟੀ.ਬੀ. ਬਾਰੇ ਜਾਗਰੂਕਤਾ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਵਿਸ਼ਿਆਂ ਨਾਲ ਸਬੰਧਤ ਸਨ।
ਇਨ੍ਹਾਂ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਭਾਗੀਦਾਰਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਇਸਤੋਂ ਇਲਾਵਾ ਭਾਗ ਲੈਣ ਵਾਲੇ ਸਾਰੇ ਹੀ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਪ੍ਰੋਗਰਾਮ ਦੇ ਆਯੋਜਨ ਵਿੱਚ ਸ੍ਰੀ ਲਖਵੀਰ ਸਿੰਘ ਸਟੈਨੋ, ਮਨਪ੍ਰੀਤ ਸਿੰਘ ਅਤੇ ਡਾ. ਸ਼ਵੇਤਾ ਦਰਗਨ ਰੈੱਡ ਰਿਬਨ ਇੰਚਾਰਜ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਡਮੁੱਲਾ ਯੋਗਦਾਨ ਪਾਇਆ ਗਿਆ।
ਮੁਕਾਬਲਿਆਂ ਦੀ ਜੱਜਮੈਂਟ ਲਈ ਆਏ ਹੋਏ ਸਾਰੇ ਜੱਜਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਡਾ. ਸ਼ਵੇਤਾ ਦਰਗਨ ਜੀ ਵੱਲੋਂ ਬਾਖੂਬੀ ਤਰੀਕੇ ਨਾਲ ਨਿਭਾਇਆ ਗਿਆ ਅਤੇ ਪ੍ਰੋਗਰਾਮ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਵੱਲੋਂ ਵਿਭਾਗ ਦੁਆਰਾ ਕੀਤੇ ਜਾਂਦੇ ਵੱਖ-ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਪ੍ਰੋਗਰਾਮ ਦੇ ਅੰਤ ਵਿੱਚ ਸਹਾਇਕ ਡਾਇਰੈਕਟਰ ਵੱਲੋਂ ਹਾਜ਼ਰ ਵੱਖ-ਵੱਖ ਕਾਲਜਾਂ ਦੇ ਟੀਚਰ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।
