ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ

ਚੰਡੀਗੜ੍ਹ, 30 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  ‘ਤੇ 795 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 11ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 3721 ਹੋ ਗਈ ਹੈ।

ਇਸ ਤੋਂ ਇਲਾਵਾ, 197 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 312 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਜਾਣਕਾਰੀ ਦੇ ਅਧਾਰ ਤੇ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ ਉਸ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 335ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 53.6 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਅਫੀਮ, 14 ਕਿਲੋਗ੍ਰਾਮ ਗਾਂਜਾ, 9350 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 335 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,119 ਹੋ ਗਈ ਹੈ। ‘ਡੀ-ਅਡਿਕਸ਼ਨ’  ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *