ਹੁਸ਼ਿਆਰਪੁਰ, 2 ਫਰਵਰੀ :
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਆਪਣੇ ਦਫ਼ਤਰ ਵਿੱਚ ਹੋਈ ਜਨਤਕ ਸੁਣਵਾਈ ਦੌਰਾਨ ਵੱਖ-ਵੱਖ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਜਨਤਕ ਸੁਣਵਾਈ ਦੌਰਾਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਨਾਗਰਿਕਾਂ ਨੇ ਪੀਣ ਵਾਲੇ ਪਾਣੀ, ਸੜਕਾਂ ਦੀ ਮੁਰੰਮਤ, ਸਫ਼ਾਈ, ਬਿਜਲੀ ਸਪਲਾਈ, ਪੈਨਸ਼ਨ, ਰਾਸ਼ਨ ਕਾਰਡ, ਸਿਹਤ ਸੇਵਾਵਾਂ ਅਤੇ ਮਾਲੀਆ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਚੇਅਰਪਰਸਨ ਅੱਗੇ ਰੱਖੀਆਂ। ਕਰਮਜੀਤ ਕੌਰ ਨੇ ਹਰੇਕ ਸ਼ਿਕਾਇਤ ਨੂੰ ਧਿਆਨ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਕੇ ਦਾ ਦੌਰਾ ਕਰਕੇ ਸਮੱਸਿਆਵਾਂ ਦੀ ਅਸਲ ਸਥਿਤੀ ਦਾ ਜਾਇਜ਼ਾ ਲੈਣ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਉਨ੍ਹਾਂ ਦਾ ਹੱਲ ਕਰਨ ਅਤੇ ਰਿਪੋਰਟ ਦਫ਼ਤਰ ਨੂੰ ਸੌਂਪਣ।
ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਜਨਤਕ ਹਿੱਤਾਂ ਨੂੰ ਸਰਵਉੱਚ ਰੱਖਦੇ ਹੋਏ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਨਿਡਰ ਹੋ ਕੇ ਪ੍ਰਸ਼ਾਸਨ ਅੱਗੇ ਰੱਖਣ, ਤਾਂ ਜੋ ਉਨ੍ਹਾਂ ਦਾ ਜਲਦੀ ਅਤੇ ਨਿਆਂਪੂਰਨ ਹੱਲ ਹੋ ਸਕੇ।
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

