ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾਗਾਗਾ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13.27 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲਹਿਰਾਗਾਗਾ, 21 ਫਰਵਰੀ

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਨਵੀਨੀਕਰਨ ਅਤੇ ਮਜ਼ਬੂਤੀ ਨਾਲ ਨਾ ਸਿਰਫ਼ ਪਿੰਡ ਵਾਸੀਆਂ ਨੂੰ ਸਫ਼ਰ ਵਿੱਚ ਸੁਵਿਧਾ ਮਿਲੇਗੀ, ਸਗੋਂ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਨਵਾਂ ਉਤਸ਼ਾਹ ਮਿਲੇਗਾ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੜਕਾਂ ਦੇ ਕੰਮ ਸ਼ੁਰੂ ਕਰਵਾਏ ਗਏ ਹਨ, ਉਨ੍ਹਾਂ ਵਿੱਚ ਪਿੰਡ ਝਲੂਰ ਤੋਂ ਘੋੜੇਨਾਬ ਤੋਂ ਖੰਡੇਬਾਦ ਤੱਕ 07.40 ਕਿਲੋਮੀਟਰ ਲੰਬੀ ਸੜਕ ਸ਼ਾਮਲ ਹੈ, ਜਿਸ ’ਤੇ ਕਰੀਬ 05 ਕਰੋੜ 83 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਪਿੰਡ ਬਖੋਰਾ ਕਲਾਂ ਤੋਂ ਬਲਰਾਂ ਤੱਕ 04.80 ਕਿਲੋਮੀਟਰ ਲੰਬੀ ਸੜਕ 03 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ।

ਇਸੇ ਤਰ੍ਹਾਂ ਪਿੰਡ ਚੋਟੀਆਂ ਤੋਂ ਬਖਸ਼ੀਵਾਲਾ ਤੱਕ 01.85 ਕਿਲੋਮੀਟਰ ਲੰਬੀ ਸੜਕ ’ਤੇ 01 ਕਰੋੜ 45 ਲੱਖ ਰੁਪਏ ਖਰਚ ਕੀਤੇ ਜਾਣਗੇ, ਜਦਕਿ ਪਿੰਡ ਲਹਿਲ ਕਲਾਂ ਤੋਂ ਪਾਪੜਾ ਤੱਕ 02.80 ਕਿਲੋਮੀਟਰ ਲੰਬੀ ਸੜਕ 02 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਮਿਆਰੀ ਮਾਪਦੰਡਾਂ ਅਨੁਸਾਰ ਪੂਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇ ਨਾਲ ਜੋੜਨਾ ਹੈ ਤਾਂ ਜੋ ਹਰ ਵਰਗ ਦੇ ਲੋਕ ਵਿਕਾਸ ਦਾ ਲਾਭ ਲੈ ਸਕਣ। ਇਸ ਮੌਕੇ ਪਿੰਡਾਂ ਦੇ ਵਾਸੀਆਂ ਨੇ ਸੜਕਾਂ ਦੇ ਕੰਮ ਸ਼ੁਰੂ ਹੋਣ ’ਤੇ ਖੁਸ਼ੀ ਜਤਾਈ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਪ ਦੇ ਅਹੁਦੇਦਾਰ, ਪੰਚ, ਸਰਪੰਚ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *