ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਵਲ ਅਤੇ ਜ਼ਿਲਾ ਪੁਲਿਸ ਮਾਲੇਰਕੋਟਲਾ ਵੱਲੋਂ ਨਸ਼ਾ ਤਸਕਰ ਦੀ ਗੈਰਕਾਨੂੰਨੀ ਜਾਇਦਾਦ ਢਾਹ ਢੇਰੀ

ਅਮਰਗੜ੍ਹ/ ਮਾਲੇਰਕੋਟਲਾ, 22 ਫਰਵਰੀ –
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਨਸ਼ਾ ਤਸਕਰੀ ਤੋਂ ਕੀਤੀ ਕਮਾਈ ਨਾਲ ਤਿਆਰ ਕੀਤੀ ਗਈ ਗੈਰਕਾਨੂੰਨੀ ਜਾਇਦਾਦ ਨੂੰ ਢਹਿ ਢੇਰੀ ਕੀਤਾ ਗਿਆ ਹੈ।
ਜ਼ਿਲਾ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਗਈ ਇਸ ਕਾਰਵਾਈ ਦੌਰਾਨ ਪਿੰਡ ਚੌਂਦਾ, ਥਾਣਾ ਅਮਰਗੜ੍ਹ ਨਾਲ ਸਬੰਧਿਤ ਨਸ਼ਾ ਤਸਕਰ ਗੁਰਮੀਤ ਸਿੰਘ ਉਰਫ਼ ਕਾਲਾ ਪੁੱਤਰ ਅਮਰਜੀਤ ਸਿੰਘ ਵੱਲੋਂ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰਕੇ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ (ਇੰਨਵੈਸਟੀਗੇਸ਼ਨ) ਸੱਤਪਾਲ ਸ਼ਰਮਾਂ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸੰਬੰਧਿਤ ਮੁਕੱਦਮੇ ਦਰਜ ਹਨ ਅਤੇ ਉਸ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਸੀ।
ਉਨਾਂ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਸਖ਼ਤ ਕਾਰਵਾਈਆਂ ਕੀਤੀਆਂ ਜਾਂਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਹੋਰ ਤੱਤਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਹੋਰ ਵੱਲੋਂ ਗੈਰਕਾਨੂੰਨੀ ਜਾਇਦਾਦ ਬਣਾਈ ਗਈ ਹੋਵੇਗੀ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਸਾਂਝੀ ਕੀਤੀ ਜਾਵੇ। ਪੰਜਾਬ ਸਰਕਾਰ ਵੱਲੋਂ ਚਲਾਈ ਗਈ ਹੈਲਪਲਾਈਨ “ਸੇਫ਼ ਪੰਜਾਬ” ‘ਤੇ ਜਾਣਕਾਰੀ ਦੇਣ ਲਈ 97791-00200 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਤਾਂ ਜੋ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।

Leave a Reply

Your email address will not be published. Required fields are marked *