ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚ
ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।
ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ ‘ਆਪ’ ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਕੇਂਦ੍ਰਿਤ ਕਾਰੋਬਾਰ ਪੱਖੀ ਈਕੋ-ਸਿਸਟਮ ਸਿਰਜ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਆਰਥਿਕ ਵਿਕਾਸ, ਰੋਜ਼ਗਾਰ ਤੇ ਉਦਯੋਗਿਕ ਵਿਸਥਾਰ ਦੇ ਨਵੇਂ ਪੜਾਅ ਦੀ ਸ਼ੁਰੂਆਤ ਹੈ, ਕਿਉਂਕਿ ਸੂਬਾ ਆਪਣੇ ਆਪ ਨੂੰ ਤੇਜੀ ਨਾਲ ਪ੍ਰਵਾਨਗੀਆਂ, ਉਦਯੋਗ ਪੱਖੀ ਨੀਤੀਆਂ ਅਤੇ ਸਿੱਖਿਆ, ਸਿਹਤ ਸੰਭਾਲ ਤੇ ਹੁਨਰਮੰਦ ਮਨੁੱਖੀ ਸ਼ਕਤੀ ‘ਤੇ ਕੇਂਦ੍ਰਿਤ ਹੋ ਕੇ ਸਭ ਤੋਂ ਤਰਜੀਹੀ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਾ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਮੋਹਰੀ ਉਦਯੋਗਾਂ ਨੂੰ ਲਿਆਂਦਾ ਹੈ। ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੇ ਪਹਿਲੇ ਦਿਨ ਹੀ ਪੰਜਾਬ ਨੇ 10,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਾਪਤ ਕੀਤੇ ਹਨ। ਐਚ.ਐਮ.ਈ.ਐਲ., ਟਾਟਾ ਸਟੀਲ, ਜੇ.ਐਸ.ਡਬਲਿਊ, ਟ੍ਰਾਈਡੈਂਟ ਗਰੁੱਪ, ਹੀਰੋ ਇੰਡਸਟਰੀਜ਼ ਅਤੇ ਉਦਯੋਗ ਜਗਤ ਦੇ ਕਈ ਹੋਰ ਸਨਅਤਕਾਰਾਂ ਨੇ ਸੂਬੇ ਵਿੱਚ ਪਹਿਲਾਂ ਹੀ ਚੱਲ ਰਹੇ ਕਾਰੋਬਾਰ ਦਾ ਵਿਸਥਾਰ ਕਰਨ ਅਤੇ ਨਵੇਂ ਪ੍ਰਾਜੈਕਟ ਲਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ।”
ਉਨ੍ਹਾਂ ਅੱਗੇ ਕਿਹਾ, “ਪੰਜਾਬੀ ਆਪਣੇ ਉੱਦਮੀ ਸੁਭਾਅ, ਨਿਵੇਕਲੀ ਸੋਚਣੀ ਅਤੇ ਹਰੇਕ ਸਮੱਸਿਆ ਦਾ ਹੱਲ ਕੱਢ ਲੈਣ ਵਾਲੀ ਭਾਵਨਾ ਲਈ ਜਾਣੇ ਜਾਂਦੇ ਹਨ। ਤੁਹਾਨੂੰ ਸ਼ਾਇਦ ਹੀ ਕੋਈ ਪੰਜਾਬੀ ਭੀਖ ਮੰਗਦਾ ਮਿਲੇਗਾ ਕਿਉਂਕਿ ਸਾਡੇ ਲੋਕ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਹ ਅਜਿਹੇ ਸੁਭਾਅ ਦੇ ਮਾਲਕ ਹਨ ਕਿ ਸਭ ਤੋਂ ਔਖੇ ਸਮੇਂ ਵਿੱਚ ਵੀ ਹਾਰ ਮੰਨਣ ਦੀ ਬਜਾਏ ਸਫਲ ਹੁੰਦੇ ਹਨ। ਪੰਜਾਬੀ ਸਮਰਪਣ ਭਾਵਨਾ, ਵਚਨਬੱਧਤਾ ਅਤੇ ਸਖ਼ਤ ਮਿਹਨਤ ਨਾਲ ਦਿਨ ਵਿੱਚ 20 ਘੰਟੇ ਕੰਮ ਕਰ ਸਕਦੇ ਹਨ। ਦੁਨੀਆ ਭਰ ਵਿੱਚ ਇਹ ਨਿਰਾਲਾ ਗੁਣ ਪੰਜਾਬੀਆਂ ਵਿੱਚ ਹੀ ਹੈ।”
ਪੰਜਾਬੀਆਂ ਦੀ ਵਿਸ਼ਵਵਿਆਪੀ ਪਛਾਣ ਦਾ ਵਿਸ਼ੇਸ਼ ਤੌਰ ਉਤੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀ ਇਕ ਜੁਝਾਰੂ ਕੌਮ ਹੈ ਜੋ ਦਲੇਰ ਤੇ ਉੱਦਮੀ ਹਨ। ਉਨ੍ਹਾਂ ਨੇ ਦੁਨੀਆ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਦੋਂ ਵੀ ਦੁਨੀਆ ਵਿੱਚ ਕਿਤੇ ਵੀ ਕੋਈ ਦੁਖਾਂਤ ਆਉਂਦਾ ਹੈ, ਤਾਂ ਉਸ ਵੇਲੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਲਈ ਪੰਜਾਬੀ ਸਭ ਤੋਂ ਪਹਿਲਾਂ ਪਹੁੰਚਦਾ ਹੈ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਅਤੇ ਮਨੁੱਖੀ ਸਿੱਖਿਆਵਾਂ ਦੇ ਸੰਦੇਸ਼ ਦੀ ਪਾਲਣਾ ਕਰਦਾ ਹੈ। ਪੰਜਾਬ ਨੂੰ ਅਮੀਰ ਸੱਭਿਆਚਾਰ, ਜਰੇਖਜ਼ ਧਰਤੀ ਅਤੇ ਭਾਈਚਾਰਕ ਸਾਂਝ ਦੀ ਬਖਸ਼ਿਸ਼ ਪ੍ਰਾਪਤ ਹੈ। ਪੰਜਾਬ ਦੀ ਉਪਜਾਊ ਧਰਤੀ ‘ਤੇ ਸਭ ਕੁਝ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇੱਥੇ ਕਦੇ ਵੀ ਜੜ੍ਹ ਨਹੀਂ ਫੜ ਸਕਦਾ। ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਹਾਨ ਸਿੱਖ ਗੁਰੂਆਂ ਦੇ ਸੰਦੇਸ਼ ਦੀ ਪਾਲਣਾ ਕਰਦੇ ਹੋਏ ਹਰ ਪੰਜਾਬੀ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹੈ। ਸਾਲ 2022 ਤੋਂ ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਹੈ, ਪੰਜਾਬ ਨੇ ਬਿਜਲੀ, ਸਿਹਤ, ਰੀਅਲ ਅਸਟੇਟ, ਬੁਨਿਆਦੀ ਢਾਂਚਾ ਅਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਸ਼ਾਨਦਾਰ ਤਰੱਕੀ ਦੇਖੀ ਹੈ।”
ਸਿੱਖਿਆ ਸੁਧਾਰਾਂ ‘ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਅੱਗੇ ਕਿਹਾ, “ਅੱਜ ਪੰਜਾਬ ਦੇ ਨੌਜਵਾਨ ਯੂ.ਪੀ.ਐਸ.ਸੀ., ਜੇ.ਈ.ਈ., ਨੀਟ ਅਤੇ ਆਈ.ਆਈ.ਟੀ. ਲਈ ਪ੍ਰਵੇਸ਼ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਪੰਜਾਬ ਦੇ 30 ਸਕੂਲ ਪ੍ਰਿੰਸੀਪਲ ਇਸ ਸਮੇਂ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਲੈ ਰਹੇ ਹਨ ਤਾਂ ਜੋ ਉਨ੍ਹਾਂ ਦੀ ਮੁਹਾਰਤ ਸੂਬਾ ਭਰ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹੋਰ ਲਾਭ ਪਹੁੰਚਾ ਸਕੇ। ਪੰਜਾਬ ਵਿੱਚ ਇਸ ਸਮੇਂ ਮੋਹਾਲੀ, ਹਲਵਾਰਾ, ਅੰਮ੍ਰਿਤਸਰ, ਬਠਿੰਡਾ, ਪਠਾਨਕੋਟ ਅਤੇ ਆਦਮਪੁਰ ਵਿੱਚ ਹਵਾਈ ਅੱਡੇ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚਾ ਵੀ ਤੇਜ਼ੀ ਨਾਲ ਵਿਕਸਤ ਹੋ ਰਿਹਾ ਹੈ। ਮੈਂ ਉਦਯੋਗਾਂ ਨੂੰ ਪੰਜਾਬ ਵਿੱਚ ਆਉਣ, ਨਿਵੇਸ਼ ਕਰਨ ਅਤੇ ਕੰਮ ਕਰਨ ਦਾ ਸੱਦਾ ਦਿੰਦਾ ਹਾਂ ਤਾਂ ਜੋ ਅਸੀਂ ਇਕਜੁਟ ਹੋ ਕੇ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾ ਸਕੀਏ।”
ਪੰਜਾਬ ਦੇ ਸਥਾਨਕ ਉਦਯੋਗ ਦੀਆਂ ਸਫਲ ਕਹਾਣੀਆਂ ਦੀਆਂ ਮਿਸਾਲਾਂ ਦਿੰਦੇ ਹੋਏ, ਉਨ੍ਹਾਂ ਕਿਹਾ, “ਪੰਜਾਬ ਅਧਾਰਿਤ ਉੱਦਮ ਜਿਵੇਂ ਕਿ ਸੋਨਾਲੀਕਾ, ਪ੍ਰੀਤ ਟਰੈਕਟਰ, ਡਿਊਕ, ਮੌਂਟੀ ਕਾਰਲੋ ਅਤੇ ਹੋਰ ਬਹੁਤ ਸਾਰੇ ਸਥਾਨਕ ਉੱਦਮੀ ਦੀਆਂ ਪ੍ਰੇਰਨਾਦਾਇਕ ਉਦਾਹਰਣਾਂ ਹਨ। ਪੰਜਾਬ ਦੇ ਦਰਵਾਜ਼ੇ ਸਾਰੇ ਨਿਵੇਸ਼ਕਾਂ ਲਈ ਖੁੱਲ੍ਹੇ ਹਨ ਅਤੇ ਅਸੀਂ ਅੱਖਾਂ ਵਿਛਾ ਕੇ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਸਾਡੀਆਂ ਨੀਤੀਆਂ ਲਚਕਦਾਰ ਹਨ ਅਤੇ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਇੱਥੇ ਨਿਵੇਸ਼ ਕਰਨ, ਪੰਜਾਬੀਆਂ ਲਈ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਸਫਲਤਾ ਦੀ ਨਵੀਂ ਕਹਾਣੀ ਲਿਖਣ ਵਿੱਚ ਮਦਦ ਕਰਨ ਦੀ ਅਪੀਲ ਕਰਦਾ ਹਾਂ। ਪੰਜਾਬ ਸਰਕਾਰ ਹੁਨਰ ਸਿੱਖਿਆ ਅਤੇ ਸਿਖਲਾਈ ਨੂੰ ਉਦਯੋਗ ਦੀਆਂ ਜ਼ਰੂਰਤਾਂ ਨਾਲ ਜੋੜ ਰਹੀ ਹੈ ਤਾਂ ਜੋ ਪੰਜਾਬ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਦਾ ਮਜ਼ਬੂਤ ਪੂਲ ਬਣਾਇਆ ਜਾ ਸਕੇ। ਉਦਯੋਗ ਨੂੰ ਜੋ ਵੀ ਮਨੁੱਖੀ ਸ਼ਖਤੀ ਚਾਹੀਦੀ ਹੈ, ਸਰਕਾਰ ਇਹ ਯਕੀਨੀ ਬਣਾਏਗੀ ਕਿ ਨੌਜਵਾਨਾਂ ਨੂੰ ਲੋੜੀਂਦੀ ਸਿਖਲਾਈ ਮਿਲੇ। ਇਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਸੂਬੇ ਵਿੱਚ ਆਰਥਿਕ ਵਿਕਾਸ ਤੇਜ਼ ਹੋਵੇਗਾ।”
ਦੇਸ਼-ਵਿਦੇਸ਼ ਤੋਂ ਪਹੁੰਚੇ ਕਾਰੋਬਾਰੀਆਂ ਦਾ ਸਵਾਗਤ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਪੀਰਾਂ ਦੀ ਧਰਤੀ ‘ਤੇ ਸਾਰੇ ਕਾਰੋਬਾਰੀਆਂ ਦਾ ਸਵਾਗਤ ਕਰਦਾ ਹਾਂ। ਸਾਨੂੰ ਅੱਜ ਸਾਡੇ ਵਿਚਕਾਰ ਅਜਿਹੀਆਂ ਉੱਘੀਆਂ ਸ਼ਖਸੀਅਤਾਂ ਹੋਣ ਦਾ ਮਾਣ ਹਾਸਲ ਹੈ। ਪੰਜਾਬ, ਦੇਸ਼ ਦੇ ਸਭ ਤੋਂ ਅਨੁਕੂਲ ਨਿਵੇਸ਼ ਸਥਾਨਾਂ ਵਿੱਚੋਂ ਇੱਕ ਹੈ ਅਤੇ ਅਸੀਂ ਨਿਵੇਸ਼ਕਾਂ ਨੂੰ ਸਹੂਲਤ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਸਾਡਾ ਦ੍ਰਿਸ਼ਟੀਕੋਣ ਪੰਜਾਬ ਨੂੰ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸਰਕਾਰ ਅਤੇ ਉਦਯੋਗ ਵਿਚਕਾਰ ਮਜ਼ਬੂਤ ਭਾਈਵਾਲੀ ਬਣਾਉਣਾ ਹੈ।”
ਉੱਦਮੀਆਂ ਨੂੰ ਅਪੀਲ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਉੱਦਮੀ ਹਰ ਕਿਸੇ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਉਨ੍ਹਾਂ ਮੌਕਿਆਂ ਦੀ ਨੁਮਾਇੰਦਗੀ ਕਰਦੇ ਹਨ ਜੋ ਪੰਜਾਬ ਅਤੇ ਭਾਰਤ ਦੇ ਨੌਜਵਾਨ ਪ੍ਰਾਪਤ ਕਰਨ ਦੀ ਇੱਛਾ ਰੱਖਦੇ ਹਨ। ਭਾਵੇਂ ਅਸੀਂ ਜਨਤਕ, ਨਿੱਜੀ ਜਾਂ ਗੈਰ-ਮੁਨਾਫ਼ਾ ਖੇਤਰਾਂ ਵਿੱਚ ਕੰਮ ਕਰਦੇ ਹਾਂ, ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਦੇਸ਼, ਸਮਾਜ ਅਤੇ ਪਰਿਵਾਰਾਂ ਲਈ ਆਪਣੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨਾ ਹੈ। ਇਹ ਸੰਮੇਲਨ ਸਿਰਫ਼ ਸਮਝੌਤਿਆਂ ‘ਤੇ ਦਸਤਖਤ ਕਰਨ ਬਾਰੇ ਨਹੀਂ ਹੈ, ਸਗੋਂ ਗਿਆਨ ਸਾਂਝਾ ਕਰਨ, ਵਿਚਾਰ-ਵਟਾਂਦਰਾ ਕਰਨ ਅਤੇ ਇੱਕ ਦੂਜੇ ਤੋਂ ਸਿੱਖਣ ਬਾਰੇ ਹੈ।”
ਭਵਿੱਖ ਦੇ ਦ੍ਰਿਸ਼ਟੀਕੋਣ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜਿਹਾ ਰਸਤਾ ਚੁਣਿਆ ਹੈ ਜੋ ਆਰਥਿਕ ਵਿਕਾਸ ਨੂੰ ਤੇਜ਼ ਕਰਕੇ ਪੰਜਾਬ ਦੇ ਭਵਿੱਖ ਨੂੰ ਰੌਸ਼ਨ ਬਣਾਏਗਾ। ਮੈਂ ਦੇਖਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁਝ ਵੱਡਾ ਪ੍ਰਾਪਤ ਕਰਨਾ ਚਾਹੁੰਦੀ ਹੈ। ਉਹ ਕੁਦਰਤੀ ਅਜਿਹੇ ਹਨ ਜੋ ਇਕੱਲਤਾ ਵਿੱਚ ਨਹੀਂ ਰਹਿ ਸਕਦੇ। ਮੇਰਾ ਪੱਕਾ ਵਿਸ਼ਵਾਸ ਹੈ ਕਿ ਪਰਮਾਤਮਾ ਨੇ ਮੈਨੂੰ ਪੰਜਾਬ ਦੀ ਅਗਵਾਈ ਕਰਨ ਦਾ ਇਹ ਮੌਕਾ ਦਿੱਤਾ ਹੈ ਤਾਂ ਜੋ ਅਸੀਂ ਆਪਣੇ ਲੋਕਾਂ ਦੇ ਜੀਵਨ ਵਿੱਚ ਅਰਥਪੂਰਨ ਤਬਦੀਲੀ ਲਿਆ ਸਕੀਏ।”
ਨਵੀਨਤਾ ਅਤੇ ਤਕਨਾਲੋਜੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਅੱਗੇ ਕਿਹਾ, “ਪੰਜਾਬ ਹੁਣ ਨਵੀਨਤਾ ਅਤੇ ਤਕਨਾਲੋਜੀ ਦੇ ਸਮੁਲੇ ਵਾਲੇ ਉੱਦਮ ਦੇ ਨਵੇਂ ਸੱਭਿਆਚਾਰ ਵੱਲ ਤਬਦੀਲੀ ਦੀ ਦਹਿਲੀਜ਼ ‘ਤੇ ਹੈ। ਸੂਬੇ ਦੇ ਨੌਜਵਾਨ ਨਵੇਂ ਵਿਚਾਰਾਂ ਤੇ ਨਵੀਨਤਾਵਾਂ ਨਾਲ ਆ ਰਹੇ ਹਨ ਅਤੇ ਉਨ੍ਹਾਂ ਦਾ ਸਹਿਯੋਗ ਕਰਨਾ ਸਾਡੀ ਜ਼ਿੰਮੇਵਾਰੀ ਹੈ। ਅਸੀਂ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੇ। ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਸ਼ਾਨਦਾਰ ਸੰਪਰਕ, ਪ੍ਰਮੁੱਖ ਵਿਦਿਅਕ ਸੰਸਥਾਵਾਂ ਅਤੇ ਸਹਾਇਕ ਸਰਕਾਰੀ ਨੀਤੀਆਂ ਮਿਲ ਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨਾਂ ਵਿੱਚੋਂ ਇੱਕ ਬਣਾਉਂਦੀਆਂ ਹਨ।”
ਉਦਯੋਗਪਤੀਆਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਸਾਰੇ ਕਾਰੋਬਾਰੀ ਆਗੂਆਂ ਦਾ ਧੰਨਵਾਦ ਕਰਦਾ ਹਾਂ। ਸਾਡੀ ਸਰਕਾਰ ਪੰਜਾਬ ਨੂੰ ਦੁਨੀਆ ਦੇ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਕੇਂਦਰ ਵਿੱਚ ਬਦਲਣ ਲਈ ਵਚਨਬੱਧ ਹੈ। ਭਾਰਤ ਸਰਕਾਰ ਦੁਆਰਾ ਕਰਵਾਈ ਗਈ ‘ਈਜ਼ ਆਫ ਡੂਇੰਗ ਬਿਜ਼ਨਸ’ (ਕਾਰੋਬਾਰ ਨੂੰ ਸੁਖਾਲਾ ਬਣਾਉਣਾ) ਦੀ ਰੈਂਕਿੰਗ ਵਿੱਚ ਪੰਜਾਬ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਇੱਕ ਹੈ। ਪੰਜਾਬ ਸਰਕਾਰ ਦੇ ਏਕੀਕ੍ਰਿਤ ਰੈਗੂਲੇਟਰ, ਇਨਵੈਸਟ ਪੰਜਾਬ, ਨੂੰ ਭਾਰਤ ਸਰਕਾਰ ਦੁਆਰਾ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੀਆਂ ਨਿਵੇਸ਼ ਪ੍ਰਮੋਸ਼ਨ ਏਜੰਸੀਆਂ ਵਿੱਚੋਂ ਇੱਕ ਵਜੋਂ ਮਾਨਤਾ ਦਿੱਤੀ ਗਈ ਹੈ।”
ਚੰਗੇ ਸ਼ਾਸਨ ਦੇ ਤਰੀਕੇ ਬਾਰੇ ਦੱਸਦਿਆਂ, ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਪੰਜਾਬ ਲਈ ਸੰਪੂਰਨ ਆਰਥਿਕ ਅਤੇ ਵਿੱਤੀ ਸਫਲਤਾ ਚਾਹੁੰਦੀ ਹੈ। ਮੇਰਾ ਪੱਕਾ ਵਿਸ਼ਵਾਸ ਹੈ ਕਿ ਸਾਡੇ ਵਿਕਾਸ ਦੇ ਥੰਮ੍ਹ ਚੰਗੇ ਸ਼ਾਸਨ, ਡਿਜੀਟਾਈਜ਼ੇਸ਼ਨ, ਫੈਸਲਾਕੁੰਨ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਹਨ। ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦੇ ਨਾਲ, ਇਹ ਸਾਰੇ ਦੁਨੀਆ ਭਰ ਦੇ ਨਿਵੇਸ਼ਕਾਂ ਲਈ ਇੱਥੇ ਤੇਜ਼ੀ ਨਾਲ ਵਿਕਾਸ ਕਰਨ ਲਈ ਅਨੁਕੂਲ ਵਾਤਾਵਰਣ ਬਣਾਉਂਦੇ ਹਨ। ਮੈਂ ਉਦਯੋਗ ਦੇ ਸਾਰੇ ਆਗੂਆਂ ਦਾ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸਵਾਗਤ ਕਰਦਾ ਹਾਂ। ਦੁਨੀਆ ਚੁਣੌਤੀਪੂਰਨ ਸਮੇਂ ਵਿੱਚੋਂ ਗੁਜ਼ਰ ਰਹੀ ਹੈ, ਪਰ ਸਾਨੂੰ ਇਹ ਮੰਨਣਾ ਚਾਹੀਦਾ ਹੈ ਕਿ ਸਾਡੇ ਵਿੱਚੋਂ ਹਰੇਕ ਕੋਲ ਸਕਾਰਾਤਮਕ ਯੋਗਦਾਨ ਪਾਉਣ ਦੀ ਸਮਰੱਥਾ ਹੈ ਅਤੇ ਇਹੀ ਇਸ ਸੰਮੇਲਨ ਦਾ ਉਦੇਸ਼ ਹੈ।”
ਆਪਣੇ ਭਾਸ਼ਣ ਦੀ ਸਮਾਪਤੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਵਿੱਖ ਸਾਡੇ ਸਾਰਿਆਂ ਲਈ ਸਾਂਝੀ ਜ਼ਿੰਮੇਵਾਰੀ ਹੈ। ਪੰਜਾਬ ਸ਼ਾਇਦ ਦੁਨੀਆ ਦਾ ਇੱਕੋ ਇੱਕ ਸੂਬਾ ਹੈ ਜਿਸ ਦੇ ਲੋਕਾਂ ਦੀ ਦੁਨੀਆ ਭਰ ਵਿੱਚ ਮੌਜੂਦਗੀ ਹੈ ਕਿਉਂਕਿ ਪੰਜਾਬੀ ਜਿੱਥੇ ਵੀ ਜਾਂਦੇ ਹਨ, ਬੁਲੰਦੀਆਂ ਛੂੰਹਦੇ ਹਨ। ਪੰਜਾਬੀ ਸਖ਼ਤ ਮਿਹਨਤ ਕਰਨ ਅਤੇ ਸਫਲ ਹੋਣ ਦੀ ਅਦੁੱਤੀ ਭਾਵਨਾ ਰੱਖਦੇ ਹਨ। ਉਹ ਜਿੱਥੇ ਵੀ ਜਾਂਦੇ ਹਨ, ਆਪਣੀ ਪਛਾਣ ਛੱਡਦੇ ਹਨ। ਪੰਜਾਬ ਦਾ ਅਰਥ ਹੈ ਕਾਰੋਬਾਰ ਅਤੇ ਮੈਂ ਉਦਯੋਗ ਦੇ ਆਗੂਆਂ ਨੂੰ ਸੱਦਾ ਦਿੰਦਾ ਹਾਂ ਕਿ ਉਹ ਇਕੱਠੇ ਇੱਕ ਖੁਸ਼ਹਾਲ ਭਵਿੱਖ ਬਣਾਉਣ ਲਈ ਸਰਕਾਰ ਨਾਲ ਹੱਥ ਮਿਲਾਉਣ।”

