ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 18 ਮਾਰਚ

ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਰੁਪਿੰਦਰਜੀਤ ਸਿੰਘ ਸੰਯੋਜਕ ਜ਼ਿੰਦਗੀ ਜ਼ਿੰਦਾਬਾਦ ਮੁਹਿੰਮ ਅਤੇ ਐਡਵੋਕੇਟ ਨਰਵੀਰ ਸਿੰਘ ਗਿੱਲ ਵੱਲੋਂ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।

ਇਸ ਦੌਰਾਨ ਭਾਸ਼ਣ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਸਮਾਜ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਫੈਲਾਉਣ ਦਾ ਸੰਕਲਪ ਵੀ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਨਰਵੀਰ ਸਿੰਘ ਗਿੱਲ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ ਅਤੇ ਇਸ ਤੋਂ ਬਚਾਅ ਲਈ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਨੌਜਵਾਨ ਆਪਣੀ ਊਰਜਾ ਨੂੰ ਸਿੱਖਿਆ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਮੋੜਨ ਤਾਂ ਨਸ਼ਿਆਂ ਤੋਂ ਦੂਰ ਰਹਿ ਕੇ ਸੁੱਖੀ ਤੇ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਨ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਨਸ਼ਾ ਇੱਕ ਸਮਾਜਕ ਬੁਰਾਈ ਹੈ, ਜਿਸ ਨਾਲ ਨਾ ਸਿਰਫ ਵਿਅਕਤੀਗਤ ਜੀਵਨ ਪ੍ਰਭਾਵਿਤ ਹੁੰਦਾ ਹੈ, ਸਗੋਂ ਪੂਰਾ ਸਮਾਜ ਵੀ ਇਸ ਦੇ ਨਕਾਰਾਤਮਕ ਪ੍ਰਭਾਵਾਂ ਦਾ ਸ਼ਿਕਾਰ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਾਂ ਨੂੰ ਵੀ ਇਸ ਬੁਰਾਈ ਤੋਂ ਬਚਣ ਲਈ ਪ੍ਰੇਰਿਤ ਕਰਨ।

ਇਸ ਮੌਕੇ ਜਿੰਦਗੀ ਜਿੰਦਾਬਾਦ ਟੀਮ ਦੇ ਮੈਂਬਰ ਬਰਿੰਦਰ ਸੰਧੂ, ਪ੍ਰਿੰਸੀਪਲ ਡਾ. ਮਨਜੀਤ ਕੌਰ ਗਿੱਲ, ਤੋਂ ਇਲਾਵਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *