27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ

ਨੰਗਲ 24 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 27 ਮਾਰਚ ਨੂੰ ਨੰਗਲ ਦੇ ਵਕੀਲ ਸਾਹਿਬਾਨਾਂ ਨੂੰ ਨਵੇਂ ਚੈਂਬਰ ਸੌਂਪੇ ਜਾਣਗੇ। ਇਹ ਕਦਮ ਵਕੀਲਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਪਣੇ ਕੰਮਕਾਜ ਲਈ ਸੁਵਿਧਾਜਨਕ ਮਾਹੌਲ ਮਿਲੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਕੀਲ ਭਾਈਚਾਰੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਚੈਂਬਰ ਤਿਆਰ ਕੀਤੇ ਗਏ ਹਨ। ਇਨ੍ਹਾਂ ਚੈਂਬਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਆਧੁਨਿਕ ਸੁਵਿਧਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਵਕੀਲ ਆਪਣੇ ਪੇਸ਼ੇਵਰ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦੇ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਕੀਲਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਜਲੀ ਸਪਲਾਈ ਸਬੰਧੀ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵੱਲੋਂ ਪਾਵਰ ਸਪਲਾਈ ਮੁਹੱਈਆ ਨਹੀਂ ਕਰਵਾਈ ਜਾਂਦੀ, ਤਾਂ ਪੰਜਾਬ ਸਰਕਾਰ ਆਪਣੇ ਵੱਲੋਂ ਪਾਵਰ ਲਾਈਨ ਵਿਛਾਏਗੀ ਅਤੇ ਪੱਕੇ ਮੀਟਰ ਲਗਾਏਗੀ। ਇਸ ਤੋਂ ਇਲਾਵਾ ਵਕੀਲ ਭਾਈਚਾਰੇ ਨੂੰ 300 ਯੂਨਿਟ ਮੁਫ਼ਤ ਬਿਜਲੀ ਵੀ ਦਿੱਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।
ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਨੰਗਲ ਵਿੱਚ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨਾਲ ਵਿਚਾਰ-ਵਟਾਂਦਰਾ ਕਰਕੇ ਨੰਗਲ ਵਿੱਚ ਲਗਭਗ 5 ਏਕੜ ਜ਼ਮੀਨ ’ਤੇ ਇੱਕ ਸ਼ਾਨਦਾਰ ਅਤੇ ਆਧੁਨਿਕ ਕੋਰਟ ਜੂਡੀਸ਼ੀਅਲ ਕੰਪਲੈਕਸ ਬਣਾਇਆ ਜਾਵੇਗਾ। ਇਹ ਕੰਪਲੈਕਸ ਆਉਣ ਵਾਲੇ ਸਮੇਂ ਵਿੱਚ ਨਿਆਂ ਪ੍ਰਕਿਰਿਆ ਨੂੰ ਹੋਰ ਸੁਚੱਜਾ ਅਤੇ ਤੇਜ਼ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਨੰਗਲ ਦੇ ਵਕੀਲਾਂ ਲਈ ਚੈਂਬਰ, ਬਿਜਲੀ ਸਹੂਲਤ ਅਤੇ ਨਵੇਂ ਜੂਡੀਸ਼ੀਅਲ ਕੰਪਲੈਕਸ ਦੀ ਯੋਜਨਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਉਨ੍ਹਾਂ ਨੂੰ ਪੂਰਾ ਕਰਨ ਲਈ ਗੰਭੀਰ ਹੈ। ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ ਰੂਪਨਗਰ ਆਮ ਆਦਮੀ ਪਾਰਟੀ ਤੇ ਵੱਡੀ ਗਿਣਤੀ ਵਿਚ ਵਕੀਲ ਭਾਈਚਾਰਾ ਹਾਜ਼ਰ ਸੀ।

Leave a Reply

Your email address will not be published. Required fields are marked *