ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਚਲਾਨ ਕੱਟੇ ਜਾ ਰਹੇ ਹਨ। ਇਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਮੁਹੰਮਦ ਨਵੀ ਵਾਸੀ ਸ਼ਾਮਪੁਰਾ ਨੂੰ 1500 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਗੱਡੀ ਦਾ ਵੀ ਚਲਾਨ ਕੀਤਾ ਗਿਆ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਬਣਾਈ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ, ਸੜਕਾਂ ਅਤੇ ਬਾਈਪਾਸ ‘ਤੇ ਕੂੜਾ ਸੁੱਟਣਾ ਨਾ ਸਿਰਫ਼ ਵਾਤਾਵਰਣ ਲਈ ਹਾਨੀਕਾਰਕ ਹੈ, ਸਗੋਂ ਇਸ ਨਾਲ ਸ਼ਹਿਰ ਦੀ ਸੁੰਦਰਤਾ ਅਤੇ ਵਾਤਾਵਰਣ ‘ਤੇ ਵੀ ਬੁਰਾ ਅਸਰ ਪੈਂਦਾ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣ ਅਤੇ ਨਗਰ ਕੌਂਸਲ ਵੱਲੋਂ ਮੁਹੱਈਆ ਕਰਵਾਈਆਂ ਸਫ਼ਾਈ ਸਹੂਲਤਾਂ ਦਾ ਪੂਰਾ ਲਾਭ ਲੈਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਵਿਅਕਤੀ ਜਨਤਕ ਥਾਵਾਂ ‘ਤੇ ਕੂੜਾ ਸੁੱਟਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਜੁਰਮਾਨਾ ਕੀਤਾ ਜਾਵੇਗਾ।
ਨਗਰ ਕੌਂਸਲ ਦੇ ਅਧਿਕਾਰੀ ਕਾਰਜ ਸਾਧਕ ਅਫ਼ਸਰ ਸ਼੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਅਪੀਲ ਕੀਤੀ ਕਿ ਸਾਰੇ ਨਾਗਰਿਕ ਸਫ਼ਾਈ ਅਭਿਆਨ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਰੂਪਨਗਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਉਣ ਵਿੱਚ ਸਹਿਯੋਗ ਦੇਣ।

