ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ

ਰੂਪਨਗਰ, 14 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੇ ਪੱਧਰ ਉੱਤੇ ਵਿੱਤੀ ਰਾਹਤ ਮਿਲ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ, ਐੱਸ.ਐੱਸ.ਪੀ. ਸ. ਮਨਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਿਹਤ ਯੋਜਨਾ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ ਤਾਂ ਜੋ ਆਰਥਿਕ ਪੱਖੋਂ ਲੋੜਵੰਦ ਪਰਿਵਾਰ ਵੀ ਮੈਡੀਕਲ ਐਂਮਰਜੈਂਸੀ ਹਾਲਾਤਾਂ ਵਿੱਚ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣ ਲਈ ਸਮਰੱਥ ਬਣ ਸਕਣ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਨਿਰੀਖਣ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਕਾਰਡ ਬਣਾਉਣ ਵਿੱਚ ਪੂਰੇ ਸੂਬੇ ਦੇ ਜ਼ਿਲ੍ਹਿਆਂ ਵਿੱਚ ਮੋਹਰੀ ਹੈ। ਪਰ ਅਜੇ ਵੀ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ ਤਾਂ ਜੋ ਲੋੜ ਪੈਣ ਉੱਤੇ ਆਮ ਨਾਗਰਿਕ ਆਪਣਾ ਇਲਾਜ ਕਰਵਾ ਸਕੇ।
ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਕਾਰਡ ਬਣਾਉਣ ਦੀ ਅਪੀਲ ਕੀਤੀ ਅਤੇ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜਾਗਰੂਕ ਅਤੇ ਸਹਿਯੋਗ ਕਰਨ ਲਈ ਆਪਣਾ ਯੋਗਦਾਨ ਪਾਉਣ ਲਈ ਕਿਹਾ।
ਉਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਜਾਣਕਾਰੀ ਲੈਂਦਿਆਂ ਕਿਹਾ ਕਿ ਸਿਹਤ ਵਿਭਾਗ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦਾ ਮਿਆਰੀ ਇਲਾਜ ਕਰਨਾ ਯਕੀਨੀ ਬਣਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੀ ਦਵਾਈ ਮੁਫਤ ਮੁਹੱਈਆ ਕਰਵਾਈ ਜਾਵੇ।
ਉਨ੍ਹਾਂ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅਤੇ ਸਿਹਤ ਵਿਭਾਗ ਦੀਆਂ ਹੋਰ ਵੱਖ-ਵੱਖ ਸਕੀਮਾਂ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉੱਤੇ ਪੰਜਾਬ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੀ ਹਦਾਇਤ ਵੀ ਕੀਤੀ।
ਇਸ ਮੀਟਿੰਗ ਵਿੱਚ ਐੱਸਪੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਪ੍ਰਦੀਪ ਸਿੰਘ ਬੈਂਸ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਐਸਡੀਐਮ ਨੰਗਲ ਸਚਿਨ ਪਾਠਕ, ਡੀਐਸਪੀ ਰਾਜਪਾਲ ਸਿੰਘ ਗਿੱਲ, ਸਿਵਲ ਸਰਜਨ ਡਾ. ਨਵਰੂਪ ਕੌਰ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਜ਼ਿਲ੍ਹਾ ਕੋਆਰਡੀਨੇਟਰ ਚੇਤਨ ਕਾਲੀਆ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *