ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 23 ਅਪ੍ਰੈਲ:– ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਨਸ਼ਿਆਂ/ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਏ ਗਏ ਟੀਚਾਗਤ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਸ਼ੱਕੀ ਸੁਖਵਿੰਦਰ ਸਿੰਘ ਉਰਫ ਸੁੱਖਾ, ਸੋਲਾ ਸਿੰਘ ਉਰਫ ਸੋਨੂੰ ਅਤੇ ਕਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਮੁਲਜ਼ਮਾਂ ਤੋਂ ਪਹਿਲਾਂ ਸਿਰਫ਼ .30 ਬੋਰ ਪਿਸਤੌਲ ਬਰਾਮਦ ਹੋਇਆ ਸੀ ਅਤੇ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ ‘ਤੇ ਉਨ੍ਹਾਂ ਕੋਲੋਂ 915 ਗ੍ਰਾਮ ਆਈ.ਸੀ.ਈ. ਅਤੇ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸੁੱਟੀ ਜਾ ਰਹੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਜਿਹੇ ਸਥਾਨਾਂ ਤੋਂ ਹੀ ਇਹ ਖੇਪਾਂ ਪ੍ਰਾਪਤ ਕਰਕੇ ਫਿਰ ਵੱਖ-ਵੱਖ ਖੇਤਰਾਂ ਵਿੱਚ ਇਸਦੀ ਸਪਲਾਈ ਕਰਦੇ ਸਨ। ਇਸ ਸਬੰਧੀ ਦੇ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 (6, 7(iii) ਅਤੇ 8) ਤਹਿਤ ਐਫਆਈਆਰ ਨੰ. 105 ਮਿਤੀ 15-04-2026 ਨੂੰ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *