ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਨਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ।

ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਦੇ ਪੋਰਟਲ ‘ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਯੋਗ ਹੱਲ ਲਈ ਲਗਾਤਾਰ ਹਰ ਹਫ਼ਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸਮਾਂਬੱਧ ਢੰਗ ਨਾਲ ਹੱਲ ਕੀਤੀਆਂ ਜਾ ਸਕਣ।

ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਬਿਹਤਰ ਆਪਸੀ ਤਾਲਮੇਲ ਨਾਲ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਨਿਬੇੜੇ ਲਈ ਵਿਅਕਤੀਗਤ ਤਵਜੋਂ ਦਿੱਤੀ ਜਾਵੇ। ਇਸ ਤੋਂ ਇਲਾਵਾ ਪ੍ਰਗਤੀ ਦੀ ਹਰ ਹਫ਼ਤੇ ਸਮੀਖਿਆ ਕਰਨ ਲਈ ਕਿਹਾ, ਤਾਂ ਜੋ ਲੰਬਿਤ ਮਸਲਿਆਂ ਨੂੰ ਤੁਰੰਤ ਨਿਪਟਾਇਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਆਸ਼ੂਤੋਸ਼ ਦੱਤ, ਏ.ਡੀ.ਸੀ.ਪੀ. ਆਕਰਸ਼ੀ ਜੈਨ, ਐਸ.ਪੀ. ਮਨਜੀਤ ਕੌਰ ਜਲੰਧਰ (ਦਿਹਾਤੀ), ਸੂਬਾ ਸਕੱਤਰ ਵਪਾਰ ਵਿੰਗ ਹਰਿੰਦਰਪਾਲ ਸਿੰਘ ਮਨੋਚਾ, ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਸ਼ਹਿਰੀ) ਇੰਦਰਵੰਸ਼ ਸਿੰਘ ਚੱਢਾ, ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਦਿਹਾਤੀ) ਅਸ਼ਵਨੀ ਕੋਹਲੀ ਤੋਂ ਇਲਾਵਾ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਹੋਰ ਨੁਮਾਇੰਦੇ, ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *