ਵਿਧਾਇਕ ਚੱਢਾ ਨੇ ਲਾਡਲ ਪਿੰਡ ‘ਚ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ

ਰੂਪਨਗਰ, 04 ਮਈ: ਪੰਜਾਬ ਸਰਕਾਰ ਦੀ ਅਗਾਂਹਵਾਧੂ ਸੋਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਸੂਬੇ ਭਰ ਵਿੱਚ ਤਿਆਰ ਕੀਤੇ ਜਾ ਰਹੇ ਖੇਡ ਮੈਦਾਨਾਂ ਦੇ ਪਹਿਲੇ ਚਰਨ ਹੇਠ ਵਿਧਾਨ ਸਭਾ ਹਲਕਾ ਰੂਪਨਗਰ ਦੇ ਪਿੰਡ ਲਾਡਲ ਵਿੱਚ ਬਣੇ “ਮੁੱਖ ਮੰਤਰੀ ਖੇਡ ਮੈਦਾਨ” ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਲਗਭਗ 3100 ਵੱਡੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ ਕਰੀਬ 250 ਸਟੇਡੀਅਮ ਤਿਆਰ ਹੋ ਚੁੱਕੇ ਹਨ। ਜਿਸ ਸਬੰਧੀ ਪਹਿਲੀ ਕੜੀ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੁਰਾਲੀ ਦੇ ਨਜ਼ਦੀਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਸ ਤਹਿਤ ਹੀ ਪਿੰਡ ਲਾਡਲ ਦਾ ਮੈਦਾਨ ਵੀ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ ਹੈ।
ਵਿਧਾਇਕ ਚੱਢਾ ਨੇ ਕਿਹਾ ਕਿ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਮੈਦਾਨ ਵਿੱਚ ਫੁੱਟਬਾਲ ਅਤੇ ਵਾਲੀਬਾਲ ਗਰਾਊਂਡ, ਬੱਚਿਆਂ ਲਈ ਵੱਖਰਾ ਖੇਡ ਕੰਪਲੈਕਸ, ਚਾਰਦੀਵਾਰੀ, ਆਰਸੀਸੀ ਬੈਂਚਾਂ ਅਤੇ ਰਾਤ ਸਮੇਂ ਖੇਡਾਂ ਲਈ ਆਧੁਨਿਕ ਲਾਈਟਾਂ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੈਦਾਨ ਨੂੰ ਹਰਾ-ਭਰਾ ਰੱਖਣ ਲਈ ਫੁੱਲਾਂ ਅਤੇ ਹੋਰ ਬੂਟੇ ਲਗਾਏ ਗਏ ਹਨ, ਨਾਲ ਹੀ ਦੌੜ ਅਤੇ ਸੈਰ ਲਈ ਟਰੈਕ ਵੀ ਤਿਆਰ ਕੀਤਾ ਗਿਆ ਹੈ। ਖਿਡਾਰੀਆਂ ਦੀ ਸੁਵਿਧਾ ਲਈ ਸਬਮਰਸੀਬਲ ਪੰਪ ਅਤੇ ਪਖਾਨਿਆਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਹਲਕਾ ਵਿਧਾਇਕ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮੈਦਾਨ ਦੀ ਸੰਭਾਲ ਅਤੇ ਇਸਦੀ ਵਰਤੋਂ ਕਰਨਾ ਉਨ੍ਹਾਂ ਦੀ ਸਾਂਝੀ ਜ਼ਿੰਮੇਵਾਰੀ ਹੈ ਤਾਂ ਜੋ ਇਹ ਮੈਦਾਨ ਖੇਡ ਗਤੀਵਿਧੀਆਂ ਨਾਲ ਰੌਣਕ ਮਾਰਦਾ ਰਹੇ।
ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਨਵੇਂ ਵਿਕਾਸ ਦੇ ਪ੍ਰਾਜੈਕਟ ਉਲੀਕੇ ਜਾ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਪਰਮਿੰਦਰ ਸਿੰਘ ਬਾਲਾ, ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ, ਯੂਥ ਪ੍ਰਧਾਨ ਚੇਤਨ ਕਾਲੀਆ, ਸਰਪੰਚ ਵਿਕਰਾਂਤ ਚੌਧਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Leave a Reply

Your email address will not be published. Required fields are marked *