ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ: ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ

ਸ੍ਰੀ ਚਮਕੌਰ ਸਾਹਿਬ, 13 ਮਈ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣ ਸਕਣ। ਉਹ ਅੱਜ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਆਯੋਜਿਤ ਐਨ.ਵੀ.ਐਸ. ਖੇਤਰੀ ਪੱਧਰੀ ਲੜਕੀਆਂ ਕਬੱਡੀ ਮੁਕਾਬਲਾ 2026–27 ਦੇ ਸਮਾਪਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਹ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ ਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ। ਸ. ਕੰਗ ਨੇ ਭਾਗ ਲੈਣ ਵਾਲੀਆਂ ਟੀਮਾਂ, ਕੋਚਾਂ ਅਤੇ ਆਯੋਜਕਾਂ ਨੂੰ ਇਸ ਖੇਡ ਸਮਾਗਮ ਦੇ ਸਫਲ ਆਯੋਜਨ ਲਈ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਉੱਚ ਮਿਆਰ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਬੀਰਦਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਖਿਡਾਰਨੀਆਂ ਦੀ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ।
ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਵੱਲੋਂ ਰਵਾਇਤੀ ਤੌਰ ‘ਤੇ ਸ਼ਮਾ ਰੌਸ਼ਨ ਕਰਕੇ ਕੀਤੀ ਗਈ। ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸਵਾਗਤੀ ਗੀਤ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਨੇ ਸਮਾਗਮ ਨੂੰ ਰੰਗੀਲਾ ਬਣਾ ਦਿੱਤਾ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਲੋਕ ਨਾਚਾਂ ਅਤੇ ਦੇਸ਼ਭਗਤੀ ਭਰੀਆਂ ਪੇਸ਼ਕਾਰੀਆਂ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ।
ਇਸ ਮੌਕੇ 50 ਤੋਂ ਵੱਧ ਪ੍ਰਸਿੱਧ ਹਸਤੀਆਂ, ਸੀਨੀਅਰ ਸਿੱਖਿਆ ਵਿਦਵਾਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡੀਐੱਸਪੀ ਚਮਕੌਰ ਸਾਹਿਬ ਸ. ਮਨਜੀਤ ਸਿੰਘ ਔਲਖ ਦੀ ਵਿਸ਼ੇਸ਼ ਹਾਜ਼ਰੀ ਨੇ ਵੀ ਸਮਾਗਮ ਦੀ ਸ਼ੋਭਾ ਵਧਾਈ।
ਇਨਾਮ ਵੰਡ ਸਮਾਰੋਹ ਦੌਰਾਨ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਅਤੇ ਖਿਡਾਰਨੀਆਂ ਨੂੰ ਸਨਮਾਨਿਤ ਕੀਤਾ ਗਿਆ। ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਪ੍ਰਮਾਣ ਪੱਤਰ ਭੇਟ ਕੀਤੇ ਗਏ। ਦਰਸ਼ਕਾਂ ਵੱਲੋਂ ਤਾੜੀਆਂ ਨਾਲ ਖਿਡਾਰੀਆਂ ਦਾ ਹੌਸਲਾ ਅਫਜ਼ਾਈ ਕੀਤੀ ਗਈ।

Leave a Reply

Your email address will not be published. Required fields are marked *