ਚੰਡੀਗੜ੍ਹ, 16 ਮਾਰਚ
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁੜ ਨਿਰਮਾਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਦੀ ਚਿੰਤਾ ਕਰ ਰਹੇ ਹਨ, ਉੱਥੇ ‘ਆਪ’ ਸਰਕਾਰ ਪੰਜਾਬ ਨੂੰ ਬਚਾਉਣ ਲਈ ਫਿਕਰਮੰਦ ਹੈ ਅਤੇ ਸੂਬੇ ਵਿੱਚ ਫੁੱਟ ਪਾਊ ਸਿਆਸਤ ਨੂੰ ਸਫਲ ਨਹੀਂ ਹੋਣ ਦੇਵੇਗੀ।
‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਸਿਆਸਤ ਵਿੱਚ ਨਵੀਂ ਪ੍ਰਥਾ ਕਾਇਮ ਕੀਤੀ ਹੈ ਜਦੋਂ ਕਿ ਰਵਾਇਤੀ ਪਾਰਟੀਆਂ ਪੰਜ ਸਾਲਾਂ ਵਿੱਚ ਵੀ ਅਜਿਹਾ ਕਰਨ ਦੇ ਯੋਗ ਨਹੀਂ ਹਨ।” ਉਨ੍ਹਾਂ ਅੱਗੇ ਕਿਹਾ, “ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ, ਪੰਜਾਬ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ।” ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੇਰੇ ਨਾਲ, ਲੱਖਾਂ ਪੰਜਾਬੀਆਂ ਨੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੀ ਸਹੁੰ ਚੁੱਕੀ ਸੀ।”
‘ਆਪ’ ਸਰਕਾਰ ਦੇ ਚਾਰ ਸਾਲ ਪੂਰੇ, ਹੁਣ ਪੰਜਾਬ ਨੂੰ ਨਵੀਆਂ ਬੁੰਲਦੀਆਂ ’ਤੇ ਲਿਜਾਣ ਦਾ ਟੀਚਾ
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ, ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਅਤੇ ਸਿਰਤੋੜ ਯਤਨ ਕੀਤੇ ਹਨ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ।” ਉਨ੍ਹਾਂ ਅੱਗੇ ਕਿਹਾ, “ਆਉਣ ਵਾਲਾ ਸਾਲ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਇਕ ਨਵੇਂ ਸਿਖਰ ‘ਤੇ ਲਿਜਾਣ ਲਈ ਸਮਰਪਿਤ ਹੋਵੇਗਾ।”
ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ
ਸਿੱਖਿਆ ਖੇਤਰ ਵਿੱਚ ਬਦਲਾਅ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਹੁਣ ਪੜ੍ਹਾਈ ਵਿੱਚ ਦੇਸ਼ ਵਿੱਚੋਂ ਪਹਿਲੇ ਸਥਾਨ ‘ਤੇ ਹਨ।” ਉਨ੍ਹਾਂ ਅੱਗੇ ਕਿਹਾ, “ਸਰਕਾਰੀ ਸਕੂਲ ਵਿੱਚ ਹੁਣ ਕੋਈ ਵੀ ਬੱਚਾ ਫਰਸ਼ ‘ਤੇ ਨਹੀਂ ਬੈਠਦਾ ਕਿਉਂਕਿ ਇਕ ਲੱਖ ਤੋਂ ਵੱਧ ਡੈਸਕ ਦਿੱਤੇ ਗਏ ਹਨ ਤਾਂ ਜੋ ਹਰ ਵਿਦਿਆਰਥੀ ਸਨਮਾਨ ਨਾਲ ਪੜ੍ਹ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕ੍ਰਾਂਤੀ ਹੇਠ 9,000 ਤੋਂ ਵੱਧ ਸਮਾਰਟ ਕਲਾਸਰੂਮ ਅਤੇ 5,000 ਕੰਪਿਊਟਰ ਲੈਬ ਖੋਲ੍ਹੇ ਗਏ ਹਨ, ਜਿਸ ਨਾਲ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਠੇਕੇ ‘ਤੇ ਰੱਖੇ ਅਧਿਆਪਕਾਂ ਨੂੰ ਰੈਗੂਲਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਪੰਜਾਬ ਵਿੱਚ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਲਈ ਤਿਆਰ ਕੀਤਾ ਜਾ ਰਿਹਾ ਹੈ ਅਤੇ ਹਰ ਸਾਲ ਲਗਭਗ 1.5 ਲੱਖ ਕਾਲਜ ਵਿਦਿਆਰਥੀ ਕਾਰੋਬਾਰ ਅਤੇ ਹੁਨਰ ਸਿੱਖ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਸਿਰਫ਼ ਸਾਲ 2026 ਵਿੱਚ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 845 ਨੇ ਨੀਟ ਪਾਸ ਕੀਤੀ।”
ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ
ਸਿਹਤ ਖੇਤਰ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਹ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜਦੋਂ ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਪੰਜਾਬ ’ਚ ਸਿਰਫ਼ 400 ਕਲੀਨਿਕ ਬਣਾਏ ਸਨ, ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਇਲਾਜ ਲਈ ਆਉਣ ਵਾਲਿਆਂ ਦੀ ਗਿਣਤੀ ਪੰਜ ਕਰੋੜ ਤੋਂ ਵੱਧ ਪਾਰ ਹੋ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਸਰਕਾਰੀ ਹਸਪਤਾਲਾਂ ਵਿੱਚ ਹੋਈ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ 1,575 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ।” ‘ਫਰਿਸ਼ਤੇ’ ਸਕੀਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਇਹ ਸਕੀਮ ਸੜਕ ‘ਤੇ ਲੰਘਣ ਵਾਲੇ ਹਰ ਰਾਹਗੀਰ ਨੂੰ ਮਦਦ ਲਈ ਪ੍ਰੇਰਦੀ ਹੈ ਅਤੇ ਮਦਦ ਕਰਨ ਲਈ 2,000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਂਦੀ ਹੈ ਤਾਂ ਜੋ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲਾਂ ਤੱਕ ਪਹੁੰਚਾਇਆ ਜਾ ਸਕੇ ਜਦੋਂ ਕਿ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਦੇ ਕਿਸੇ ਵੀ ਹਸਪਤਾਲ ਵਿੱਚ ਮੁਫ਼ਤ ਇਲਾਜ ਮਿਲ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਕੀਮ ਤਹਿਤ 1,700 ਤੋਂ ਵੱਧ ਜ਼ਖਮੀਆਂ ਨੂੰ ਮੁਫ਼ਤ ਇਲਾਜ ਮਿਲਿਆ ਹੈ।” ਉਨ੍ਹਾਂ ਅੱਗੇ ਕਿਹਾ, “ਸੀਐਮ ਦੀ ਯੋਗਸ਼ਾਲਾ ਦੀ ਪਹਿਲਕਦਮੀ ਪੰਜਾਬ ਭਰ ਵਿੱਚ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਲਗਭਗ ਦੋ ਲੱਖ ਲੋਕ ਹਰ ਰੋਜ਼ ਮੁਫ਼ਤ ਯੋਗਾ ਕਰਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ, “ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ 7 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਐਮ.ਬੀ.ਬੀ.ਐਸ. ਦੀਆਂ 600 ਨਵੀਆਂ ਸੀਟਾਂ ਹੋਣਗੀਆਂ, ਜਿਸ ਨਾਲ ਵਿਦਿਆਰਥੀਆਂ ਨੂੰ ਸੂਬੇ ਦੇ ਅੰਦਰ ਡਾਕਟਰੀ ਦੀ ਪੜ੍ਹਾਈ ਕਰਨ ਦੇ ਹੋਰ ਮੌਕੇ ਮਿਲਣਗੇ।”
ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਦੇ ਵਿਕਾਸ ਲਈ ਇਤਿਹਾਸਕ ਉਪਰਾਲੇ
ਖੇਡਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਇਤਿਹਾਸਕ ਨਿਵੇਸ਼ ਕਰ ਰਿਹਾ ਹੈ ਅਤੇ 1100 ਕਰੋੜ ਰੁਪਏ ਦੇ ਨਿਵੇਸ਼ ਨਾਲ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “6000 ਹੋਰ ਖੇਡ ਮੈਦਾਨਾਂ ‘ਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ ਅਤੇ ਸਾਰੇ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਦੇ ਮੈਦਾਨਾਂ ਸਮੇਤ ਮੁਫਤ ਖੇਡ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਹਰ ਨੌਜਵਾਨ ਨੂੰ ਖੇਡਣ ਦਾ ਮੌਕਾ ਮਿਲ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ 6000 ਇਨਡੋਰ ਜਿੰਮ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਓਲੰਪਿਕ ਤਗਮਾ ਜੇਤੂ ਪੰਜਾਬੀ ਹਾਕੀ ਖਿਡਾਰੀਆਂ ਨੂੰ ਇਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਦੋਂ ਕਿ ਮਹਿਲਾ ਕ੍ਰਿਕਟ ਵਿਸ਼ਵ ਕੱਪ-2025 ਦੇ ਜੇਤੂਆਂ ਨੂੰ 4.91 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।”
ਪੇਂਡੂ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ
ਪੇਂਡੂ ਵਿਕਾਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਆਪਣੇ ਘਰ ਬਣਾਉਣ ਲਈ ਸਹਾਇਤਾ ਪ੍ਰਾਪਤ ਹੋਈ ਹੈ, ਜਿਸ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ 30,000 ਪਰਿਵਾਰ ਵੀ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, “ਪਿਛਲੀ ਸਰਕਾਰ ਨੇ ਪੰਜ ਸਾਲਾਂ ਵਿੱਚ 39,000 ਘਰ ਬਣਾਏ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਸਹਾਇਤਾ ਦਿੱਤੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “40,000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਇਹ ਪੰਜਾਬ ਦੇ ਇਤਿਹਾਸ ਵਿੱਚ ਇਕ ਸਾਲ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸੜਕ ਨਵੀਨੀਕਰਨ ਯੋਜਨਾ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਸੜਕਾਂ ਪੰਜ ਸਾਲਾਂ ਦੀ ਰੱਖ-ਰਖਾਅ ਦੀ ਗਾਰੰਟੀ ਨਾਲ ਬਣਾਈਆਂ ਜਾ ਰਹੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਭਰ ਵਿੱਚ ਕੁੱਲ 13,414 ਪਿੰਡਾਂ ਦੇ ਛੱਪੜਾਂ ਦੀ ਸਫਾਈ ਕੀਤੀ ਗਈ ਹੈ ਜਦੋਂ ਕਿ ਸੂਬੇ ਦੀਆਂ 36 ਮੰਡੀਆਂ ਵਿੱਚ ਸੋਲਰ ਪੈਨਲ ਲਾਉਣ ਅਤੇ 664 ਨੂੰ ਸ਼ੈੱਡਾਂ ਨਾਲ ਢਕ ਕੇ ਸੂਬਾ ਭਰ ਦੀਆਂ ਮੰਡੀਆਂ ਨੂੰ ਅਪਗ੍ਰੇਡ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਮਨਰੇਗਾ ਅਧੀਨ ਲਗਭਗ 9 ਲੱਖ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਿਆ ਹੈ ਜਿਸ ਨਾਲ 1100 ਕਰੋੜ ਰੁਪਏ ਮਜ਼ਦੂਰੀ ‘ਤੇ ਖਰਚ ਹੋਏ ਹਨ ਅਤੇ 2.3 ਕਰੋੜ ਕੰਮਕਾਜੀ ਦਿਨ ਪੈਦਾ ਹੋਏ ਹਨ।”

