ਮਾਨਸਾ, 6 ਜਨਵਰੀ
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 01 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਰੰਭੇ ਜਾ ਰਹੇ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਅਤੇ ਰਿਜਨਲ ਟਰਾਂਸਪੋਰਟ ਅਫ਼ਸਰ, ਸ. ਗਗਨਦੀਪ ਸਿੰਘ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਦੇ ਸਲੋਗਨ, ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣ ਤਾਂ ਜੋ ਵਿਦਿਆਰਥੀ ਟਰੈਫਿਕ ਨਿਯਮਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ‘ਤੇ ਰਜਿਸਟਰ ਹੋ ਕੇ ਕੁਇੱਜ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਮਹੀਨੇ ਦੌਰਾਨ ਲੋਕਾਂ ਨੂੰ ਦੋ ਪਹੀਆ ਵਹੀਕਲ ਚਲਾਉਣ ਸਮੇਂ ਹੈਲਮਟ ਦੀ ਲਾਜ਼ਮੀ ਵਰਤੋਂ ਅਤੇ ਵਹੀਕਲ ਦੇ ਦਸਤਾਵੇਜ਼ ਮੁਕੰਮਲ ਰੱਖਣ ਲਈ ਜਾਗਰੂਕ ਕੀਤਾ ਜਾਵੇ ਅਤੇ ਵਿਸ਼ੇਸ਼ ਤੌਰ ‘ਤੇ ਅੱਖਾਂ ਦੀ ਜਾਂਚ ਲਈ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਜਾਵੇ ਤਾਂ ਜੋ ਸੜਕੀ ਦੁਰਘਟਨਾਵਾਂ ਤੋਂ ਬਚਾਅ ਕੀਤਾ ਜਾ ਸਕੇ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪਰਮਜੀਤ ਸਿੰਘ ਭੋਗਲ, ਏ.ਟੀ.ਓ. ਅੰਕੁਸ਼ ਗੋਇਲ, ਟਰੈਫਿਕ ਇੰਚਾਰਜ ਐਸ.ਆਈ. ਬਲਵੀਰ ਸਿੰਘ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

