ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ

ਲੌਂਗੋਵਾਲ, 16 ਮਾਰਚ:

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲੌਂਗੋਵਾਲ ਤੋਂ ਮੰਡੇਰ ਕਲਾਂ ਰੋੜ (ਸੁਏ ਕੋਲ) ਕਰੀਬ 06 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਮਾਜਿਕ ਭਲਾਈ ਦੇ ਤਹਿਤ ਲੋੜਵੰਦ ਅਤੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਸਿੰਚਾਈ ਪ੍ਰਣਾਲੀ ਨੂੰ ਅਧੁਨਿਕ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਮਾਈਨਰਾਂ ਦੀ ਮੁਰੰਮਤ ਅਤੇ ਨਿਰਮਾਣ ਨਾਲ ਕਿਸਾਨਾਂ ਨੂੰ ਖੇਤਾਂ ਤੱਕ ਪਾਣੀ ਦੀ ਸਹੂਲਤ ਸਮੇਂ ਸਿਰ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ।

ਉਨ੍ਹਾਂ ਕਿਹਾ ਕਿ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦੇ ਚਾਲੂ ਹੋਣ ਨਾਲ ਇਲਾਕੇ ਦੇ ਕਈ ਪਿੰਡਾਂ ਦੀ ਖੇਤੀਬਾੜੀ ਜ਼ਮੀਨ ਨੂੰ ਸਿੰਚਾਈ ਲਈ ਪਾਣੀ ਮਿਲੇਗਾ ਅਤੇ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਿੰਚਾਈ ਪ੍ਰੋਜੈਕਟਾਂ ਲਈ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਨੇ ਲੋੜਵੰਦ ਅਤੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲਾਂ ਸੌਂਪਦਿਆਂ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਨਾਲ ਦਿਵਿਆਂਗ ਵਿਅਕਤੀਆਂ ਦੀ ਰੋਜ਼ਾਨਾ ਜ਼ਿੰਦਗੀ ਆਸਾਨ ਬਣਦੀ ਹੈ ਅਤੇ ਉਹ ਆਪਣੀ ਆਤਮਨਿਰਭਰਤਾ ਨੂੰ ਮਜ਼ਬੂਤ ਕਰ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸੜਕਾਂ, ਪੀਣ ਵਾਲੇ ਪਾਣੀ, ਸਿੰਚਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਨੂੰ ਸੁਧਾਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਦੀ ਜ਼ਿੰਦਗੀ ਦੇ ਮਿਆਰ ਨੂੰ ਉੱਚਾ ਚੁੱਕਿਆ ਜਾ ਸਕੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਥਾਨਕ ਨੁਮਾਇੰਦੇ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Leave a Reply

Your email address will not be published. Required fields are marked *