ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਚੀਮਾ, 16 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਨਗਰ ਚੀਮਾ ਵਿਖੇ ਲੋਕਾਂ ਦੀ ਸਹੂਲਤ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 04 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਧ ਬਾਬਾ ਭੋਲਾ ਗਿਰ ਜੀ ਨੇੜੇ ਟੋਭੇ ਦੇ ਨਵੀਨੀਕਰਨ ਲਈ 01 ਕਰੋੜ 81 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਸਗੋਂ ਪਾਣੀ ਦੇ ਸੰਭਾਲ ਅਤੇ ਵਾਤਾਵਰਨ ਸੰਭਾਲ ਨੂੰ ਵੀ ਮਜ਼ਬੂਤੀ ਮਿਲੇਗੀ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸਮਾਜਿਕ ਭਲਾਈ ਵੱਲ ਇਕ ਹੋਰ ਕਦਮ ਚੁੱਕਦਿਆਂ 32 ਲਾਭਪਾਤਰੀ ਪਰਿਵਾਰਾਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ ਪ੍ਰਤੀ ਪਰਿਵਾਰ 2.5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 80 ਲੱਖ ਰੁਪਏ ਦੇ ਸੈਕਸ਼ਨ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਨੂੰ ਛੱਤ ਮੁਹੱਈਆ ਕਰਵਾਉਣਾ ਹੈ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਚੀਮਾ ਮੰਡੀ ਵਿਖੇ ਵਪਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ 58 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਪਾਰਕਿੰਗ ਪ੍ਰੋਜੈਕਟ ਦਾ ਵੀ ਨੀਂਹ ਪੱਥਰ ਰੱਖਿਆ ਗਿਆ, ਜਿਸ ਨਾਲ ਪਾਰਕਿੰਗ ਸਮੱਸਿਆ ਵਿੱਚ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ।

ਖੇਡਾਂ ਦੇ ਉਤਸ਼ਾਹ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਕੈਬਨਿਟ ਮੰਤਰੀ ਨੇ ਤੋਲਾਵਾਲ ਰੋਡ ਵਿਖੇ 01 ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਸਟੇਡੀਅਮ ਨੂੰ ਲੋਕ ਅਰਪਿਤ ਕੀਤਾ। ਇਸ ਸਟੇਡੀਅਮ ਵਿੱਚ ਵਾਲੀਬਾਲ, ਟੈਨਿਸ, ਹਾਕੀ, ਬਾਸਕਿਟਬਾਲ ਅਤੇ ਐਥਲੇਟਿਕਸ ਲਈ ਸੁਵਿਧਾਵਾਂ ਦੇ ਨਾਲ ਦਰਸ਼ਕਾਂ ਲਈ ਗੈਲਰੀ, ਪਖਾਨੇ ਅਤੇ ਹੋਰ ਲੋੜੀਂਦੇ ਕਮਰੇ ਤਿਆਰ ਕੀਤੇ ਗਏ ਹਨ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਖੇਡਾਂ ਦੇ ਪ੍ਰਚਾਰ ਅਤੇ ਲੋਕ ਭਲਾਈ ਸਕੀਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੌਕੇ ਚੀਮਾ ਵਾਸੀਆਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣਗੇ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਮਦਦਗਾਰ ਹੋਣਗੇ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *