ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

ਲਹਿਰਾਗਾਗਾ, 1 ਅਪ੍ਰੈਲ:

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ ਪ੍ਰਕਿਰਿਆ ਅਤੇ ਖ਼ਪਤਕਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਸਿਲਿੰਡਰਾਂ ਦੇ ਭਾਅ ਵਧਾਉਣ ਦੀ ਨਿਖੇਦੀ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਏਜੰਸੀ ਵਿੱਚ ਗੈਸ ਸਿਲੰਡਰ ਪ੍ਰਾਪਤ ਕਰਨ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਲੋਕਾਂ ਨੇ ਗੈਸ ਸਪਲਾਈ ਨਾਲ ਸੰਬੰਧਿਤ ਕੁਝ ਮੁਸ਼ਕਲਾਂ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਦੀਆਂ, ਜਿਨ੍ਹਾਂ ਨੂੰ ਮੰਤਰੀ ਨੇ ਗੰਭੀਰਤਾ ਨਾਲ ਲੈਂਦਿਆਂ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਸ੍ਰੀ ਗੋਇਲ ਨੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਗੈਸ ਸਿਲੰਡਰ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਪਲਾਈ ਚੇਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੀ ਸਮੇਂ-ਸਿਰ ਡਿਲੀਵਰੀ ਅਤੇ ਪਾਰਦਰਸ਼ੀ ਵੰਡ ਪ੍ਰਣਾਲੀ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।

ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਸ ਸਪਲਾਈ ਨਾਲ ਜੁੜੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਖ਼ਪਤਕਾਰਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਪਾਈ ਗਈ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਸੁਚਾਰੂ ਅਤੇ ਬਿਨਾ ਰੁਕਾਵਟ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੱਲ ਕਰਨਾ ਹੀ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੈਦਾਨੀ ਦੌਰੇ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

Leave a Reply

Your email address will not be published. Required fields are marked *