ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਧਰਮਗੜ੍ਹ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ

ਧਰਮਗੜ੍ਹ/ਦਿੜ੍ਹਬਾ, 1 ਜਨਵਰੀ:

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 400 ਏਕੜ ਤੋਂ ਵਧੇਰੇ ਰਕਬੇ ਨੂੰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਧਰਮਗੜ੍ਹ ਵਿੱਚ ਖਾਲ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਅੱਜ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਰਵਾਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰੋਜੈਕਟ (ਮੋਘਾ ਬੁਰਜੀ 23185 ਸੱਜਾ ਆਫ ਬੁਢਲਾਡਾ ਬਰਾਂਚ) ਨਾਲ ਇਲਾਕੇ ਦੇ ਕਈ ਕਿਸਾਨਾਂ ਦੇ 400 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਕੁੱਲ 1.61 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ।

ਉਹਨਾਂ ਕਿਹਾ ਕਿ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦਾ ਟੀਚਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਫ਼ਸਲਾਂ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ੍ਹ ਨਹੀਂ ਪਵੇਗੀ। ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ। ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਇਸ ਉਪਰੰਤ ਉਹਨਾਂ ਪਿੰਡ ਧਰਮਗੜ੍ਹ ਦੀ ਗਊਸ਼ਾਲਾ ਲਈ 10 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ।

ਇਸ ਤੋਂ ਪਹਿਲਾਂ ਉਹਨਾਂ ਨੇ ਪਿੰਡ ਗਿਦੜਿਆਣੀ ਵਿਖੇ 41ਵੇਂ ਕਬੱਡੀ ਕੱਪ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਉਹਨਾਂ 46 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦਾ ਵੀ ਜਾਇਜਾ ਲਿਆ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਜੇਕਰ ਨੌਜਵਾਨ ਖੇਡਾਂ ਨਾਲ ਜੁੜਨਗੇ ਤਾਂ ਉਹ ਹੋਰ ਅਲਾਮਤਾਂ ਤੋਂ ਵੀ ਬਚੇ ਰਹਿਣਗੇ।

ਇਸ ਮੌਕੇ ਬਲਬੀਰ ਸਿੰਘ, ਪ੍ਰੀਤਮ ਸਿੰਘ ਪੀਤੂ, ਹਰਵਿੰਦਰ ਸਿੰਘ ਛਾਂਜਲੀ, ਅਮਰਜੀਤ ਸਿੰਘ, ਪ੍ਰੇਮ ਚੰਦ, ਨਰੰਗ ਸਿੰਘ ਨਿੱਕਾ, ਕਰਨੈਲ ਸਿੰਘ ਕੰਬੋਜ਼ ਅਤੇ ਹੋਰ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *