ਮਾਲੇਰਕੋਟਲਾ, 26 ਜਨਵਰੀ:
77ਵੇਂ ਗਣਤੰਤਰ ਦਿਵਸ ਦੇ ਮੌਕੇ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਅਤੇ ਐੱਸ.ਐੱਸ.ਪੀ. ਸ੍ਰੀ ਗਗਨ ਅਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਸਮਾਗਮ ਦੌਰਾਨ ਡੀ.ਆਈ.ਜੀ. (ਏ.ਜੀ.ਟੀ.ਐਫ.) ਪੰਜਾਬ ਸ੍ਰੀ ਗੁਰਮੀਤ ਸਿੰਘ ਚੌਹਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ, ਕੈਬਿਨਟ ਮੰਤਰੀ ਦੀ ਧਰਮਪਤਨੀ ਸ਼੍ਰੀਮਤੀ ਉਰਮਿਲਾ ਦੇਵੀ, ਪੁੱਤਰ ਰੋਬਿਨ ਸਿੰਘ, ਰੋਹਿਤ ਸਿੰਘ, ਨੂੰਹ ਲਵਲੀਨ ਕੌਰ, ਵਿਧਾਇਕ ਮਾਲੇਰਕੋਟਲਾ ਦੀ ਧਰਮ ਪਤਨੀ ਫਰਿਆਲ ਰਹਿਮਾਨ,ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਸਾਕਿਬ ਅਲੀ ਰਾਜਾ, ਚੇਅਰਮੈਨ ਮਾਰਕਿਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਿੰਪੀ ਗਰਗ, ਐਸ.ਡੀ.ਐਮ.ਗੁਰਮੀਤ ਕੁਮਾਰ ਬਾਂਸਲ, ਨਿਆਂ ਪਾਲਿਕਾ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸ਼ਹਿਰੀ ਹਾਜ਼ਰ ਸਨ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਨੇ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਸੰਗਰਾਮੀਆਂ ਨੂੰ ਨਮਨ ਕਰਦਿਆਂ 77ਵੇਂ ਗਣਤੰਤਰ ਦਿਵਸ ਦੀਆਂ ਸਮੂਹ ਦੇਸ਼ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਨਾਲ ਭਾਰਤ ਨੇ ਗਣਰਾਜ ਵਜੋਂ ਨਵਾਂ ਦੌਰ ਸ਼ੁਰੂ ਕੀਤਾ ਅਤੇ ਅੱਜ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਹੋਣ ’ਤੇ ਮਾਣ ਮਹਿਸੂਸ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ ਕੁਰਬਾਨੀਆਂ ਅਮਰ ਹਨ ਅਤੇ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦ ਹਵਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਦੀ ਯਾਦ ਦਿਲਾਉਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਅਤੇ ਪ੍ਰਸ਼ਾਸਕੀ ਸੁਧਾਰਾਂ ਨੂੰ ਸਭ ਤੋਂ ਉੱਚੀ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੀ ਪੈਨਸ਼ਨ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਵਾਰਸਾਂ ਲਈ ਨੌਕਰੀਆਂ ਵਿੱਚ ਰਾਖਵਾਂਕਰਨ ਵੀ ਦਿੱਤਾ ਜਾ ਰਿਹਾ ਹੈ।
ਸਿੱਖਿਆ ਖੇਤਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ 118 ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ ਹਨ ਅਤੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲਾ ਨਹੀਂ, ਸਗੋਂ ਰੋਜ਼ਗਾਰ ਦੇਣ ਵਾਲਾ ਬਣਾਉਣ ਲਈ 11ਵੀਂ ਜਮਾਤ ਵਿੱਚ “ਉੱਦਮਤਾ” ਵਿਸ਼ਾ ਲਾਗੂ ਕੀਤਾ ਗਿਆ ਹੈ । ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਤੋਂ ਬਚਾਅ ਸੰਬੰਧੀ ਪਾਠਕ੍ਰਮ ਵੀ ਲਾਗੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਦੇ ਕੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸੈਂਕੜੇ ਰਿਸਵਤਖੋਰ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ। ਨਸ਼ਿਆਂ ਖਿਲਾਫ਼ ਜੰਗ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 31,441 ਮਾਮਲਿਆਂ ਵਿੱਚ ਕਾਰਵਾਈ ਕਰਦਿਆਂ 45,137 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਅਤੇ 15 ਕਰੋੜ 47 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਖੇਤੀਬਾੜੀ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਹਾ ਪੰਜਾਬ ਸਰਕਾਰ ਦੀ ਕਿਸਾਨ-ਹਿਤੈਸ਼ੀ ਅਤੇ ਲੋਕ-ਕਲਿਆਣਕ ਨੀਤੀਆਂ ਦੇ ਸਦਕਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨ ਬੇਮਿਸਾਲ ਸਫਲਤਾ ਨਾਲ ਸੰਪੰਨ ਕਰਵਾਏ। ਦੋਵਾਂ ਸੀਜ਼ਨਾਂ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਸਫਾਈ, ਪੀਣ ਵਾਲੇ ਪਾਣੀ, ਬਾਰਦਾਨੇ ਅਤੇ ਬੈਠਕ ਆਦਿ ਦੇ ਸ਼ਾਨਦਾਰ ਪ੍ਰਬੰਧ ਕੀਤੇ ਗਏ, ਜਿਸ ਨਾਲ ਖਰੀਦ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਚੱਲੀ। ਕਿਹਾ ਅਪ੍ਰੈਲ-ਮਈ 2025 ਦੌਰਾਨ ਸਿਰਫ਼ 72 ਘੰਟਿਆਂ ਵਿੱਚ 130 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਅਤੇ ਚੁਕਾਈ ਕਰਕੇ 27,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ। ਇਸੇ ਤਰ੍ਹਾਂ, ਭਿਆਨਕ ਹੜ੍ਹਾਂ ਦੇ ਬਾਵਜੂਦ ਵੀ ਅਕਤੂਬਰ-ਨਵੰਬਰ ਦੌਰਾਨ 156 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕਰਕੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਯਕੀਨੀ ਬਣਾਈ ਗਈ। ਇਸ ਸੀਜ਼ਨ ਦੀ ਵਿਸ਼ੇਸ਼ ਉਪਲਬਧੀ ‘ਸੁੱਕਾ ਝੋਨਾ ਮੰਡੀਆਂ ਵਿੱਚ ਲਿਆਓ’ ਮੁਹਿੰਮ ਦੀ ਸ਼ਾਨਦਾਰ ਸਫਲਤਾ ਰਹੀ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਾਜਿਬ ਮੁੱਲ ਮਿਲਿਆ।
ਇਸ ਦੇ ਨਾਲ ਹੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸੂਬੇ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਲਈ ਇਤਿਹਾਸਕ ਕਦਮ ਚੁੱਕੇ ਗਏ। ਗ੍ਰੀਨਿੰਗ ਪੰਜਾਬ ਮਿਸ਼ਨ ਤਹਿਤ ਪਠਾਨਕੋਟ, ਪਟਿਆਲਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 8 ਵਾਤਾਵਰਣ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਤੇ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਇਨ੍ਹਾਂ ਪਾਰਕਾਂ ਵਿੱਚ ਨੇਚਰ ਟ੍ਰੇਲ, ਓਪਨ ਏਅਰ ਸ਼ੈਲਟਰ ਅਤੇ ਬੱਚਿਆਂ ਲਈ ਝੂਲੇ ਲਗਾਏ ਜਾ ਰਹੇ ਹਨ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼, ਸੁੰਦਰ ਅਤੇ ਸਿਹਤਮੰਦ ਵਾਤਾਵਰਣ ਦੀ ਨਵੀਂ ਮਿਸਾਲ ਕਾਇਮ ਕਰਨਗੇ।
ਮਾਲੇਰਕੋਟਲਾ ਜ਼ਿਲ੍ਹੇ ਦੇ ਵਿਕਾਸ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਪਟਿਆਲਾ ਰੋਡ ਸਥਿਤ ਡਿਫੈਂਸ ਗਰਾਊਂਡ ਵਿਖੇ 38.5 ਏਕੜ ’ਚ 562.68 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਬਣਾਇਆ ਜਾਵੇਗਾ ਅਤੇ 150 ਬੈਡ ਦਾ ਈ.ਐਸ.ਆਈ. ਹਸਪਤਾਲ ਵੀ ਬਣੇਗਾ।
ਉਨ੍ਹਾਂ ਦੱਸਿਆ ਕਿ ਅਮਰਗੜ੍ਹ ਅਤੇ ਅਹਿਮਦਗੜ੍ਹ ਵਿਖੇ ਅਤਿ-ਆਧੁਨਿਕ ਸਬ ਡਿਵੀਜ਼ਨ ਕੰਪਲੈਕਸ ਬਣਾਏ ਜਾ ਚੁੱਕੇ ਹਨ ਅਤੇ ਜ਼ਿਲ੍ਹੇ ਵਿੱਚ ਲਾਇਬ੍ਰੇਰੀਆਂ, ਖੇਡ ਮੈਦਾਨ, ਬੱਸ ਸਟੈਂਡ ਅਤੇ ਸੀਵੇਜ ਟ੍ਰੀਟਮੈਂਟ ਪਲਾਂਟ ਵਰਗੇ ਪ੍ਰੋਜੈਕਟ ਜਲਦ ਮੁਕੰਮਲ ਕੀਤੇ ਜਾ ਰਹੇ ਹਨ। ਇਸ ਮੌਕੇ ਵੱਖ- ਵੱਖ ਖੇਤਰਾਂ ਵਿੱਚ ਨਾਮਨਾ ਖੱਟਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ 2 ਲੋੜਵੰਦਾਂ ਨੂੰ ਟ੍ਰਾਈਸਾਇਕਲ ਅਤੇ 13 ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ।
ਅਖੀਰ ਵਿੱਚ ਕੈਬਨਿਟ ਮੰਤਰੀ ਨੇ ਸਮੂਹ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ, ਤਰੱਕੀ ਅਤੇ ਅਮਨ-ਸ਼ਾਂਤੀ ਲਈ ਕਾਮਨਾ ਕੀਤੀ।

