ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ, 23 ਜਨਵਰੀ:

ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਮੁਹੱਈਆ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰ ਦਿੱਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਵਿੱਚ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।

ਸੁਨਾਮ ਊਧਮ ਸਿੰਘ ਵਾਲਾ ਵਿਖੇ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਦਾ ਹਰ ਪਰਿਵਾਰ 10 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦਾ ਹੱਕਦਾਰ ਹੋਵੇਗਾ।

ਇਸ ਯੋਜਨਾ ਤਹਿਤ 10 ਲੱਖ ਤੱਕ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਉਪਲਬਧ ਹੋਣਗੇ। ਹਸਪਤਾਲ ਵਿੱਚ ਦਾਖਲ ਹੋਣ ’ਤੇ, ਮਰੀਜ਼ਾਂ ਨੂੰ ਸਿਰਫ਼ ਆਪਣਾ ਸਿਹਤ ਕਾਰਡ ਦਿਖਾਉਣ ਨਾਲ ਹੀ ਸਾਰਾ ਇਲਾਜ ਨਕਦ ਰਹਿਤ ਹੋ ਜਾਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਤੇ ਇਨ੍ਹਾਂ ਸਾਰੇ 65 ਲੱਖ ਪਰਿਵਾਰਾਂ (ਲਗਭਗ ਤਿੰਨ ਕਰੋੜ ਨਾਗਰਿਕਾਂ ਨੂੰ ਕਵਰ ਕਰਦੇ ਹੋਏ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਜਦੋਂ ਯੋਗਤਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ, ਜੋ ਕਿ ਦੇਸ਼ ਲਈ ਇੱਕ ਨਵੀਂ  ਉਦਾਹਰਣ  ਹੈ। ਹੁਣ ਤੱਕ 850 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਲਦੀ ਹੀ ਹੋਰ ਹਸਪਤਾਲ ਵੀ ਸ਼ਾਮਿਲ ਕੀਤੇ ਜਾਣਗੇ।

ਇਸ ਯੋਜਨਾ ਤਹਿਤ 2,356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਹਨ (ਪਿਛਲੇ 1600 ਤੋਂ ਵੱਧ), ਜਿਸ ਵਿੱਚ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਸ਼ਾਮਿਲ ਹਨ।

ਹਸਪਤਾਲ ਦੇ ਖਰਚਿਆਂ ਦੇ ਨਾਲ ਡਾਇਗਨੌਸਟਿਕ ਸੇਵਾਵਾਂ ਵੀ ਸ਼ਾਮਿਲ ਹਨ। ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫਤ ਇਲਾਜ ਕਰਵਾ ਸਕਦਾ ਹੈ। ਹਸਪਤਾਲਾਂ ਨੂੰ ਇਲਾਜ ਦੇ 15 ਦਿਨਾਂ ਦੇ ਅੰਦਰ ਭੁਗਤਾਨ ਪ੍ਰਾਪਤ ਹੋ ਜਾਵੇਗਾ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ।

ਪਠਾਨਕੋਟ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਦਾਰੋ ਸਲਾਮ, ਭੋਆ ਅਤੇ ਗੋਬਿੰਦਸਰ ਵਿੱਚ ਘਰ-ਘਰ ਜਾ ਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ 14 ਹਸਪਤਾਲਾਂ ਨੂੰ ਇਸ ਯੋਜਨਾ ਅਧੀਨ ਜੋੜਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ ਕਾਰਡ ਬਣਾਉਣ ਲਈ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਇਹ ਕਾਰਡ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਬਣਾਏ ਜਾਣਗੇ। ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਜਦੋਂ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਪਿਤਾ ਜਾਂ ਮਾਤਾ ਦੇ ਵੋਟਰ ਕਾਰਡ ਦੀ ਲੋੜ ਹੋਵੇਗੀ। ਕੈਬਨਿਟ ਮੰਤਰੀ ਨੇ ਨਿੱਜੀ ਤੌਰ ’ਤੇ ਗੋਬਿੰਦਸਰ ਪਿੰਡ ਦੇ ਵਸਨੀਕ ਪ੍ਰਦੀਪ ਕੁਮਾਰ, ਜੋ ਇੱਕ ਹਾਦਸੇ ਵਿੱਚ ਜ਼ਖਮੀ ਹੋ ਗਿਆ ਸੀ, ਨੂੰ ਉਸਦੇ ਘਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਸੌਂਪਿਆ।

ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਹਨੇਵਾਲ ਦੇ ਪਿੰਡ ਮਾਨਗੜ੍ਹ ਵਿਖੇ ’ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਨ ਸਬੰਧੀ ਲਗਾਏ ਗਏ ਕੈਂਪ ਦਾ ਉਦਘਾਟਨ ਕੀਤਾ।

ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਸਿਹਤ ਕੇਂਦਰ ਖੋਲ੍ਹੇ ਸਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਸਥਾਪਤ ਕੀਤੇ ਹਨ ਅਤੇ 500 ਹੋਰ ਨਿਰਮਾਣ ਅਧੀਨ ਹਨ। ਇਸਦੇ ਨਾਲ ਹੀ ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿੱਚ 2,500 ’ਪਿੰਡ ਕਲੀਨਿਕ’ ਖੋਲ੍ਹੇ ਜਾਣਗੇ।

ਇਸ ਪਹਿਲ ਦੇ ਦਾਇਰੇ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਪੰਜਾਬ ਦਾ ਹਰੇਕ ਮੂਲ ਨਾਗਰਿਕ ਸਿਹਤ ਕਾਰਡ ਲਈ ਯੋਗ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਿਲ ਕੀਤੇ ਜਾਣਗੇ।

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਭਰਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰਦਿਆਂ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਗਰੀਬ ਤੋਂ ਗਰੀਬ ਵੀ ਨਿੱਜੀ ਹਸਪਤਾਲਾਂ ਤੋਂ ਵਧੀਆ ਇਲਾਜ ਸਹੂਲਤਾਂ ਪ੍ਰਾਪਤ ਕਰ ਸਕੇਗਾ।

ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੁਸ਼ਿਆਰਪੁਰ ਵਿਖੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਕੀਤੀ ਗਈ।

Leave a Reply

Your email address will not be published. Required fields are marked *