ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

 ਮਾਲੇਰਕੋਟਲਾ, 31 ਮਾਰਚ –

                        ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਂਸ ਬਾਰੇ ਇੰਸਪੇਕਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਵਰਤੀ ਜਾਵੇ।

                        ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਸ ਲਈ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨ-ਮਾਲ ਦਾ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਕੰਬਾਈਨਾਂ ਨਾਲ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਉਸ ਦੀ ਕਟਾਈ ਕਰ ਦਿੱਤੀ ਜਾਂਦੀ ਹੈ ਅਤੇ ਇਸ ਕਰਕੇ ਹਰਾ ਕੱਟਿਆ ਹੋਇਆ ਦਾਣਾ ਸੁੱਕਣ ਤੇ ਕਾਲਾ ਪੈ ਜਾਂਦਾ ਹੈ। ਇਹ ਕਾਲੀ ਅਤੇ ਗਿੱਲੀ ਕਣਕ ਦੀ ਮੰਡੀਆਂ ਵਿੱਚ ਵਿਕਰੀ ਦੀ ਦਿੱਕਤ ਆਉਂਦੀ ਹੈ ਜਿਸ ਕਰਕੇ ਕਈ ਵਾਰ ਲਾਅ ਐਂਡ ਆਰਡਰ ਭੰਗ ਹੋਣ ਦੀ ਸਥਿਤੀ ਪੈਦਾ ਹੋ ਜਾਂਦੀ ਹੈ।

                        ਇਸ ਤੋਂ ਇਲਾਵਾ ਕਈ ਥਾਵਾਂ ਉੱਪਰ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਫਸਲ ਦੀ ਕਟਾਈ ਕਰਦੀਆਂ ਹਨ, ਜਿਸ ਕਾਰਨ ਕਣਕ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਇਸ ਦੀ ਖਰੀਦ ਕਰਨ ਤੋਂ ਮਨਾਹੀ ਕੀਤੀ ਜਾਂਦੀ ਹੈ। ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਤੇ ਦੇਸ਼ ਦੇ ਕਣਕ ਉਤਪਾਦਨ ਤੇ ਮਾੜਾ ਅਸਰ ਪੈਂਦਾ ਹੈ। ਇਸ ਕਰਕੇ ਇਹ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ।

                        ਇਹ ਹੁਕਮ ਮਿਤੀ 01 ਅਪ੍ਰੈਲ ਤੋਂ 31 ਮਈ ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *