ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ

ਗੜ੍ਹਸ਼ੰਕਰ/ਹੁਸ਼ਿਆਰਪੁਰ, 14 ਜਨਵਰੀ:
ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਤਿਹਾਸਕ ਮਾਘੀ ਮੇਲੇ ਨੂੰ ਸਮਰਪਿਤ, ਗੜ੍ਹਸ਼ੰਕਰ ਤੋਂ ਵਿਸ਼ੇਸ਼ ਬੱਸਾਂ ਨੂੰ ਰਸਮੀ ਤੌਰ ‘ਤੇ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ ਬੱਸਾਂ ਮਾਘੀ ਮੇਲੇ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਹਨ, ਤਾਂ ਜੋ ਯਾਤਰੀਆਂ ਨੂੰ ਆਸਾਨ, ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਮਾਘੀ ਮੇਲਾ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ, ਜੋ ਸਾਡੀ ਸ਼ਹੀਦੀ ਪ੍ਰੰਪਰਾ ਅਤੇ ਇਤਿਹਾਸ ਜੁੜਿਆ ਹੋਇਆ ਹੈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਥੇ ਨਤਮਸਤਕ ਹੋਣ ਆਉਂਦੇ ਹਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇ।

ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਉਪਰਾਲੇ ਨਾਲ ਇਹ ਵਿਸ਼ੇਸ਼ ਬੱਸਾਂ ਚਲਾਈਆਂ ਗਈਆਂ ਹਨ, ਜਿਸ ਨਾਲ ਯਾਤਰੀਆਂ ਨੂੰ ਨਿੱਜੀ ਵਾਹਨਾਂ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ ਅਤੇ ਸੜਕਾਂ ‘ਤੇ ਭੀੜ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਹਰ ਵਰਗ ਦਾ ਵਿਅਕਤੀ ਬਿਨਾਂ ਕਿਸੇ ਦਿੱਕਤ ਦੇ ਮਾਘੀ ਮੇਲੇ ਵਿੱਚ ਸ਼ਾਮਿਲ ਹੋ ਸਕੇ।

ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ, ਸਿੱਖਿਆ, ਆਵਾਜਾਈ ਅਤੇ ਹੋਰ ਜਨਤਕ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਲਈ ਵਚਨਬੱਧ ਹੈ। ਮਾਘੀ ਮੇਲੇ ਮੌਕੇ ਚਲਾਈਆਂ ਗਈਆਂ ਇਹ ਵਿਸ਼ੇਸ਼ ਬੱਸਾਂ ਵੀ ਇਸੇ ਦਿਸ਼ਾ ਵੱਲ ਇਕ ਮਹੱਤਵਪੂਰਨ ਕਦਮ ਹੈ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਸਫ਼ਰ ਦੌਰਾਨ ਅਨੁਸ਼ਾਸਨ ਅਤੇ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ ਅਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਮਾਘੀ ਦੇ ਪਾਵਨ ਤਿਉਹਾਰ ਦੀਆਂ ਦਿਲੋਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਇਹ ਤਿਉਹਾਰ ਸੂਬੇ ਵਿੱਚ ਖੁਸ਼ਹਾਲੀ, ਤਰੱਕੀ ਅਤੇ ਆਪਸੀ ਸਦਭਾਵਨਾ ਲੈ ਕੇ ਆਵੇ।

Leave a Reply

Your email address will not be published. Required fields are marked *