ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ

ਮਾਨਸਾ, 10 ਮਾਰਚ:
ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ ‘ਤੇ ਸਫ਼ਲ ਬਣਾਉਣ ਵਿੱਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ।

ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ਵਿੱਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਤਿੰਨ-ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਚੁਣਿਆ ਗਿਆ। ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਮਹਿਲਾ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਲਾਜ਼ਮੀ ਹੈ।
ਇਸ ਮੌਕੇ ਚੋਣ ਤਹਿਸੀਲਦਾਰ ਸ਼ਿਵਾਨੀ ਅਰੋੜਾ ਅਤੇ ਚੋਣ ਸ਼ਾਖਾ ਦੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *