ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਣ ਵਾਲਾ ਇਹ ਯੂਨਿਟ ਆਉਂਦੇ 12 ਮਹੀਨਿਆਂ ਵਿਚ ਸ਼ੁਰੂ ਹੋ ਜਾਵੇਗਾ ਜੋ ਇਲਾਕੇ ਵਿਚ ਫ਼ਲਾਂ ਅਤੇ ਸਬਜ਼ੀਆਂ ਖਾਸ ਕਰਕੇ ਆਲੂ ਅਤੇ ਮਟਰ ਦੀ ਪ੍ਰੋਸੈਸਿੰਗ ਦੇ ਖੇਤਰ ਵਿਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਦੀਆਂ ਅਸੀਮ ਸੰਭਾਵਨਾਵਾਂ ਹਨ ਜਿਨ੍ਹਾਂ ਬਾਰੇ ਕਿਸਾਨ ਪਹਿਲਾਂ ਹੀ ਜਾਗਰੂਕ ਹਨ ਅਤੇ ਇਹ ਪ੍ਰੋਜੈਕਟ ਲੱਗਣ ਨਾਲ ਫ਼ਸਲੀ ਵਿਭਿੰਨਤਾ ਨੂੰ ਵੀ ਬਲ ਮਿਲਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਦਰਜ ਕੀਤਾ ਜਾਵੇਗਾ।
ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਵਿਸ਼ੇਸ਼ ਕਰਕੇ ਔਰਤਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨੇ ਇਸ ਯੂਨਿਟ ਨੂੰ ਫੂਡ ਪ੍ਰੋਸੈਸਿੰਗ ਅਤੇ ਫ਼ਲਾਂ ਸਬਜ਼ੀਆਂ ਦੀ ਸਾਂਭ-ਸੰਭਾਲ ਲਈ ਲਾਏ ਜਾ ਰਹੇ ਪ੍ਰੋਜੈਕਟਾਂ ਤਹਿਤ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਆਪਣੇ-ਆਪ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ ਅਤਿ-ਆਧੁਨਿਕ ਸਹੂਲਤਾਂ ਵਾਲਾ ਯੂਨਿਟ ਹੋਵੇਗਾ ਜਿਸ ਨਾਲ ਇਸ ਖੇਤਰ ਵਿਚ ਵੱਡੇ ਪੱਧਰ ‘ਤੇ ਹੁੰਦੀ ਮਟਰਾਂ ਅਤੇ ਆਲੂਆਂ ਦੀ ਕਾਸ਼ਤ ਨੂੰ ਵੀ ਲਾਭ ਮਿਲੇਗਾ।
ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਅਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਗ ਯੂਨਿਟ ਲਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿਚ ਨਿਵੇਸ਼ ਲਈ ਲਾਮਿਸਾਲ ਕਦਮ ਚੁੱਕ ਰਹੀ ਹੈ ਅਤੇ ਇਹ ਪ੍ਰੋਜੈਕਟ ਵੀ ਤੈਅ ਸਮੇਂ ਵਿਚ ਪੂਰੀ ਤਰਜੀਹ ਨਾਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਇੰਡਸਟਰੀ ਦੀ ਸਥਾਪਤੀ ਨਾਲ ਖੇਤਰ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਨਵੀਂ ਰਫ਼ਤਾਰ ਮਿਲੇਗੀ ਜੋ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਲਈ ਬੇਹੱਦ ਲਾਹੇਵੰਦ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਪ੍ਰਕਿਰਿਆਵਾਂ ਨੂੰ ਮੁਕੰਮਲ ਕਰਦਿਆਂ ਜਲਦ ਹੀ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋ ਜਾਵੇਗਾ ਤਾਂ ਜੋ ਆਉਂਦੇ 12 ਮਹੀਨਿਆਂ ਦੌਰਾਨ ਇਹ ਯੂਨਿਟ ਤਿਆਰ ਹੋ ਜਾਵੇ ਅਤੇ ਫ਼ਲਾਂ-ਸਬਜ਼ੀਆਂ ਦੀ ਪ੍ਰੋਸੈਸਿੰਗ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।

