ਫ਼ਰੀਦਕੋਟ, 28 ਜਨਵਰੀ:
ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹ ਫ਼ਰੀਦਕੋਟ ਦੀ ਹਾਲਤ ਸੁਧਾਰਨ ਅਤੇ ਜੇਲ੍ਹ ਪ੍ਰਬੰਧਨ ਨੂੰ ਆਧੁਨਿਕ ਰੂਪ ਦੇਣ ਲਈ ਵੱਡੀ ਪਹਿਲਕਦਮੀ ਕੀਤੀ ਗਈ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਂਝੀ ਕਰਦਿਆਂ ਦੱਸਿਆ ਕਿ ਜੇਲ੍ਹ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜੇਲ੍ਹ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ 145.17 ਲੱਖ ਰੁਪਏ ਦੀ ਲਾਗਤ ਨਾਲ ਲਾਈਟਾਂ ਲਗਾਉਣ ਲਈ ਟੈਂਡਰ ਕਾਲ ਕਰ ਲਏ ਗਏ ਹਨ। ਇਸਦੇ ਨਾਲ ਹੀ ਕੈਦੀਆਂ ਦੀ ਸਿਹਤ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ 120.24 ਲੱਖ ਰੁਪਏ ਦੀ ਲਾਗਤ ਨਾਲ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ ਵੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਮੁੱਖ ਮੰਤਰੀ ਪੰਜਾਬ ਦੀ ਦੂਰਦਰਸ਼ੀ ਸੋਚ ਅਤੇ ਜੇਲ੍ਹ ਮੰਤਰੀ ਪੰਜਾਬ ਦੀ ਸਰਗਰਮ ਅਗਵਾਈ ਹੇਠ ਸੰਭਵ ਹੋ ਸਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਖੇਤਰ ਵਿੱਚ ਵਿਕਾਸ, ਸੁਧਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੀ ਹੈ ਅਤੇ ਜੇਲ੍ਹਾਂ ਨੂੰ ਵੀ ਮਨੁੱਖੀ ਅਤੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਫ਼ਰੀਦਕੋਟ ਹਲਕੇ ਦੀ ਸਰਵਪੱਖੀ ਤਰੱਕੀ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਵਿਕਾਸ ਪ੍ਰਾਜੈਕਟ ਹਲਕੇ ਨੂੰ ਸਮਰਪਿਤ ਕੀਤੇ ਜਾਣਗੇ। ਵਿਧਾਇਕ ਨੇ ਇਸ ਮਹੱਤਵਪੂਰਨ ਫੈਸਲੇ ਲਈ ਮੁੱਖ ਮੰਤਰੀ ਪੰਜਾਬ ਅਤੇ ਜੇਲ੍ਹ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਦਾ ਦਿਲੋਂ ਧੰਨਵਾਦ ਕੀਤਾ।

