ਸੰਗਰੂਰ, 20 ਫਰਵਰੀ
ਕਿਰਪਾਲ ਵੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸੰਗਰੂਰ ਦੀ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਤ ਮੁੱਦਿਆਂ ਅਤੇ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ।
ਇਸ ਮੌਕੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੇ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਸਮੱਸਿਆਵਾਂ ਦਾ ਹੱਲ ਜ਼ਿਲ੍ਹਾ ਪੱਧਰ ‘ਤੇ ਸੰਭਵ ਹੈ, ਉਹਨਾਂ ਦਾ ਨਿਪਟਾਰਾ ਜਲਦ ਕਰਵਾਇਆ ਜਾਵੇਗਾ ਅਤੇ ਜਿਹੜੇ ਮਾਮਲੇ ਉੱਚ ਪੱਧਰ ‘ਤੇ ਹੱਲ ਹੋਣ ਵਾਲੇ ਹਨ, ਉਹ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆਂਦੇ ਜਾਣਗੇ ਤਾਂ ਜੋ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਦੌਰਾਨ ਪਹੁੰਚੇ ਮੈਂਬਰਾਂ ਨੂੰ ਟਰਾਂਸਜੈਂਡਰ ਐਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸ ਐਕਟ ਅਧੀਨ ਜਾਰੀ ਕੀਤੇ ਜਾਣ ਵਾਲੇ ਪਹਿਚਾਣ ਪੱਤਰ ਦੀ ਮਹੱਤਤਾ ਬਾਰੇ ਦੱਸਿਆ ਗਿਆ। ਟਰਾਂਸਜੈਂਡਰ ਪਹਿਚਾਨ ਪੱਤਰ ਜਾਰੀ ਹੋਣ ਨਾਲ ਭਵਿੱਖ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲੈਣੀਆਂ ਸੁਖਾਲੀਆਂ ਹੋ ਜਾਣਗੀਆਂ।
ਮੀਟਿੰਗ ਦਾ ਸੰਚਾਲਨ ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਡਾ ਲਵਲੀਨ ਬੜਿੰਗ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

