“ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਯੋਜਨਾ ਉਲੀਕਣ ਲਈ ਅਹਿਮ ਮੀਟਿੰਗ

ਮਾਲੇਰਕੋਟਲਾ, 30 ਜਨਵਰੀ:
13 ਫਰਵਰੀ ਤੋਂ 15 ਫਰਵਰੀ 2026 ਤੱਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਵਿਸਥਾਰਪੂਰਵਕ ਯੋਜਨਾ ਉਲੀਕਣ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਮੀਟਿੰਗ ਵਿੱਚ ਐਸ.ਐਸ.ਪੀ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਿੰਪੀ ਗਰਗ, ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਹ ਦੋਵੇਂ ਸਮਾਗਮ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦੇ ਤਹਿਤ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫੈਸਟੀਵਲ ਦੌਰਾਨ ਨਾਮਵਰ ਕਲਾਕਾਰਾਂ ਦੀਆਂ ਸੂਫ਼ੀਆਨਾ ਪੇਸ਼ਕਾਰੀਆਂ ਤੋਂ ਇਲਾਵਾ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਕਲਕੱਤਾ, ਰਾਜਸਥਾਨ ਆਦਿ ਰਾਜਾਂ ਤੋਂ ਆਉਣ ਵਾਲੀਆਂ ਮਹਿਲਾ ਉੱਦਮੀਆਂ ਅਤੇ ਸ਼ਿਲਪਕਾਰਾਂ ਦੀਆਂ ਵਿਲੱਖਣ ਰਚਨਾਵਾਂ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲੇਰਕੋਟਲਾ ਆਪਣੀ ਅਮੀਰ ਸੱਭਿਆਚਾਰਕ ਅਤੇ ਸੂਫ਼ੀ ਵਿਰਾਸਤ ਲਈ ਪ੍ਰਸਿੱਧ ਹੈ ਅਤੇ ਇਸ ਫੈਸਟੀਵਲ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਵਿਰਾਸਤ ਅਤੇ ਲੋਕ ਕਲਾਵਾਂ ਨਾਲ ਜੋੜਨਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਮੀਦ ਹੈ ਕਿ ਵੱਡੀ ਗਿਣਤੀ ਵਿੱਚ ਦਰਸ਼ਕ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ, ਇਸ ਲਈ ਸਾਰੇ ਪ੍ਰਬੰਧ ਉੱਚ ਪੱਧਰ ‘ਤੇ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ ਫੈਸਟੀਵਲ ਦੌਰਾਨ ਸਥਾਨਕ ਗਾਇਕੀ ਸ਼ੈਲੀਆਂ, ਸੂਫ਼ੀਆਨਾ ਕਲਾਮ, ਕਿਤਾਬਾਂ, ਮਿੱਟੀ ਦੇ ਭਾਂਡੇ, ਲੋਹੇ ਦੇ ਉਤਪਾਦ, ਪੰਜਾਬੀ ਜੁੱਤੀ, ਕਢਾਈ-ਬੁਣਾਈ ਨਾਲ ਤਿਆਰ ਵਸਤਾਂ, ਖਾਣ-ਪੀਣ ਦੇ ਸਟਾਲਾਂ ਦੇ ਨਾਲ-ਨਾਲ ਨਰਸਰੀ (ਫੁੱਲ-ਬੂਟਿਆਂ) ਦੀਆਂ ਆਰਜ਼ੀ ਦੁਕਾਨਾਂ ਵੀ ਸਥਾਪਿਤ ਕੀਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਫੈਸਟੀਵਲ ਸਬੰਧੀ ਸਾਰੇ ਪ੍ਰਬੰਧ ਨਿਯਤ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਸੁਰੱਖਿਆ ਅਤੇ ਟਰੈਫਿਕ ਪ੍ਰਬੰਧ ਸੁਚਾਰੂ ਬਣਾਉਣ ਅਤੇ ਸਬੰਧਤ ਵਿਭਾਗਾਂ ਨੂੰ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਰੋਸ਼ਨੀ, ਪਾਰਕਿੰਗ ਅਤੇ ਸ਼ੌਚਾਲਿਆਂ ਦੇ ਉਚਿਤ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਇਸ ਵਿਰਾਸਤੀ ਸੂਫ਼ੀ ਫੈਸਟੀਵਲ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਖੁੱਲਾ ਸੱਦਾ ਦਿੱਤਾ।

Leave a Reply

Your email address will not be published. Required fields are marked *