ਤਪਾ, 17 ਦਸੰਬਰ
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਦੀ ਅਗਵਾਈ ਹੇਠ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਤਪਾ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਵੱਲੋਂ ਕੌਮੀ ਸੇਵਾ ਯੋਜਨਾ ਦੇ ਤਹਿਤ ਮਨੁੱਖਤਾ ਅਤੇ ਸੇਵਾ ਭਾਵਨਾ ਨਾਲ ਭਰਪੂਰ ਕੈਂਪ ਲਗਾਇਆ ਗਿਆ।
ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਮਨੋਰੰਜਕ ਗਤਿਵਿਧੀਆਂ ਰਾਹੀਂ ਬਜ਼ੁਰਗਾਂ ਦਾ ਮਨੋਰੰਜਨ ਕੀਤਾ ਗਿਆ, ਜਿਸ ਨਾਲ ਬਿਰਧ ਆਸ਼ਰਮ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰ ਗਿਆ। ਬੱਚਿਆਂ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਤਜ਼ੁਰਬਿਆਂ ਤੋਂ ਜੀਵਨ ਮੁੱਲ ਸਿੱਖੇ।
ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਬਜ਼ੁਰਗਾਂ ਨੂੰ ਫ਼ਲ ਫ਼ਰੂਟ ਵੰਡੇ ਗਏ ਅਤੇ ਉਨ੍ਹਾਂ ਦੀ ਸੇਵਾ ਕਰਕੇ ਮਾਨਵਤਾ ਦਾ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਸੁਪਰਡੈਂਟ ਅਤੇ ਸਮੂਹ ਸਟਾਫ਼ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਇਸ ਸਾਰਥਕ ਉਪਰਾਲੇ ਲਈ ਧੰਨਵਾਦ ਕੀਤਾ ਗਿਆ।
ਕੈਂਪ ਦੇ ਅੰਤ ਵਿੱਚ ਬਜ਼ੁਰਗਾਂ ਵੱਲੋਂ ਬੱਚਿਆਂ ਨੂੰ ਪਿਆਰ ਅਤੇ ਆਸ਼ੀਰਵਾਦ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਇਮਾਨਦਾਰ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਣਾ ਦਿੱਤੀ ਗਈ।

