ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ

ਭਵਾਨੀਗੜ੍ਹ, 20 ਫਰਵਰੀ

ਹਲਕਾ ਵਿਧਾਇਕ, ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਮਾਰਕਿਟ ਕਮੇਟੀ ਦਫ਼ਤਰ, ਭਵਾਨੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪਿੰਡ ਰਸੂਲਪੁਰ ਛੰਨਾ, ਬੀਬੜ, ਲੱਖੇਵਾਲ, ਹਰਦਿਤਪੁਰਾ ਅਤੇ ਸ਼ਾਹਪੁਰ ਦੀਆਂ
ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਪ੍ਰਤੀ ਪੰਚਾਇਤ ਪੰਜ–ਪੰਜ ਲੱਖ ਰੁਪਏ ਕੁੱਲ 25 ਲੱਖ ਰੁਪਏ ਦੇ ਚੈਕ ਵੰਡੇ ਗਏ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਲੋਕ-ਭਲਾਈ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਅਤੇ ਪਿੰਡਾਂ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਪ੍ਰਤੀਕ ਹਨ। ਅਜਿਹੀਆਂ ਪੰਚਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਪੱਧਰ ‘ਤੇ ਵਿਕਾਸ ਦੀ ਗਤੀ ਤੇਜ਼ ਹੋ ਸਕੇ।

ਹਲਕਾ ਵਿਧਾਇਕ ਨੇ ਕਿਹਾ ਕਿ ਇਹ ਰਕਮ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਰਤੀ ਜਾ ਸਕਦੀ ਹੈ। ਉਨ੍ਹਾਂ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਹ ਫੰਡ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ-ਭਾਗੀਦਾਰੀ ਨਾਲ ਖਰਚ ਕੀਤੇ ਜਾਣ।

ਹਲਕਾ ਵਿਧਾਇਕ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਆਤਮਨਿਰਭਰ ਅਤੇ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਦੇ ਵਿਜ਼ਨ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਲਾਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਪੰਚਾਇਤ ਪ੍ਰਤਿਨਿਧੀਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਇਹ ਰਕਮ ਪਿੰਡਾਂ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪਿੰਡਾਂ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਮਿਆਰ ਨਾਲ ਪੂਰੇ ਕੀਤੇ ਜਾਣਗੇ।

ਸਮਾਗਮ ਦੌਰਾਨ ਸਰਕਾਰੀ ਅਧਿਕਾਰੀਆਂ ਨੇ ਵੀ ਪੰਚਾਇਤਾਂ ਨੂੰ ਯਕੀਨ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਤਕਨੀਕੀ ਮਦਦ ਅਤੇ ਪ੍ਰਸ਼ਾਸਨਿਕ ਸਹਿਯੋਗ ਹਰ ਸਮੇਂ ਉਪਲਬਧ ਕਰਵਾਇਆ ਜਾਵੇਗਾ, ਤਾਂ ਜੋ ਪਿੰਡਾਂ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲ ਸਕੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਪ ਦੇ ਵੱਖ ਵੱਖ ਅਹੁਦੇਦਾਰ, ਪਤਵੰਤੇ, ਪੰਚ, ਸਰਪੰਚ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *