ਵਿਧਾਨ ਸਭਾ ਹਲਕਾ ਪੱਟੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ – ਭੁੱਲਰ

ਪੱਟੀ/ਤਰਨ ਤਾਰਨ, 18 ਜਨਵਰੀ (        ) – ਸੂਬੇ ਦੇ ਟਰਾਂਸਪੋਰਟ ਅਤੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਹਲਕਾ ਵਾਸੀਆਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਨਾਲ ਹਨ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਹਮੇਸ਼ਾਂ ਆਪਣੇ ਹਲਕਾ ਵਾਸੀਆਂ ਲਈ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਇਹ ਯਤਨ ਕੀਤੇ ਜਾ ਰਹੇ ਹਨ ਕਿ ਸਮਾਜ ਦੇ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਵੇ ਅਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਈਆਂ ਜਾਣ।

ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਦੇਸ਼ ਵਿੱਚ ਪੰਜਾਬ ਪਹਿਲਾ ਸੂਬਾ ਹੋਵੇਗਾ ਜੋ ਹਰੇਕ ਪਰਿਵਾਰ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿੱਚ ਸਿਹਤ ਖੇਤਰ ਦਾ ਜ਼ਿਕਰ ਤੱਕ ਨਹੀਂ ਹੁੰਦਾ ਸੀ ਜਿਸ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉੱਤੇ ਛੱਡ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਪਿੰਡਾਂ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਇਲਾਜ ਕਰਵਾਉਣਾ ਹੀ ਨਹੀਂ ਚਾਹੁੰਦੇ ਸਨ ਕਿਉਂਕਿ ਇਲਾਜ ਮਹਿੰਗਾ ਹੋਣ ਕਰਕੇ ਉਹ ਆਪਣੇ ਪਰਿਵਾਰਾਂ ਨੂੰ ਕਰਜ਼ਾਈ ਨਹੀਂ ਦੇਖਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਦੇਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਅਤੇ ਮਾਨ ਸਰਕਾਰ ਸਮਰਪਣ ਭਾਵਨਾ ਨਾਲ ਇਹ ਫ਼ਰਜ਼ ਨਿਭਾ ਰਹੀ ਹੈ।

ਮੁਫ਼ਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਆਮ ਲੋਕਾਂ ਦੇ ਜੀਵਨ ਵਿੱਚ ਵੱਡਾ ਪਰਿਵਰਤਨ ਦੱਸਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿੱਚ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰੀ ਸੰਸਥਾਵਾਂ ਵਿੱਚ ਵਿਸ਼ਵਾਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿੱਚ ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਹਟ ਕੇ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਪੜ੍ਹਾਈ ਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨਾਲੋਂ ਵੀ ਅੱਗੇ ਹਨ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਵਾਮ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਬਦੌਲਤ ਸੂਬਾ ਪੰਜਾਬ ਦੇ ਵਾਸੀ ਸਾਲ 2027 ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।

Leave a Reply

Your email address will not be published. Required fields are marked *