ਬਰਨਾਲਾ, 11 ਦਸੰਬਰ
ਪ੍ਰਦੂਸ਼ਣ ਕੰਟਰੋਲ ਬੋਰਡ ਬਰਨਾਲਾ ਵੱਲੋਂ ਨਗਰ ਕੌਂਸਲ ਭਦੌੜ ਦੇ ਸਹਿਯੋਗ ਨਾਲ ਠੋਸ ਕੂੜੇ ਨੂੰ ਸਾੜਨ ਤੋਂ ਰੋਕਣ ਲਈ ਦਫ਼ਤਰ ਨਗਰ ਕੌਂਸਲ ਭਦੌੜ ਵਿਖੇ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਕਰਵਾਏ ਗਏ।
ਪ੍ਰੋਗਰਾਮ ਦੌਰਾਨ ਸਹਾਇਕ ਵਾਤਾਵਰਣ ਇੰਜੀਨੀਅਰ ਸ਼੍ਰੀ ਸਾਹਿਬਜੀਤ ਸਿੰਘ ਅਤੇ ਜੂਨੀਅਰ ਵਾਤਾਵਰਣ ਇੰਜੀਨੀਅਰ ਸ਼੍ਰੀ ਰਾਜੇਸ਼ ਲੇਗਾ ਨੇ ਸਫਾਈ ਸੇਵਕਾਂ ਅਤੇ ਫੀਲਡ ਸਟਾਫ਼ ਨੂੰ ਠੋਸ ਕੂੜੇ ਜਾਂ ਇਸ ਦੀ ਰਹਿੰਦ-ਖੂੰਹਦ ਨੂੰ ਖੁੱਲ੍ਹੇ ਵਿੱਚ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਇਸ ਨਾਲ ਜੁੜੇ ਗੰਭੀਰ ਸਿਹਤ ਪ੍ਰਭਾਵਾਂ ਅਤੇ ਹਵਾ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਠੋਸ ਕੂੜੇ ਦੇ ਵਿਗਿਆਨਕ, ਸੁਰੱਖਿਅਤ ਅਤੇ ਵਾਤਾਵਰਣ ਪੱਖੋਂ ਸਹੀ ਤਰੀਕੇ ਨਾਲ ਨਿਪਟਾਰਾ ਕਰਨ ਬਾਰੇ ਦੱਸਿਆ ਗਿਆ।
ਪ੍ਰੋਗਰਾਮ ਦੌਰਾਨ ਸਹਾਇਕ ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਠੋਸ ਕੂੜੇ ਨੂੰ ਜਲਾਉਂਦਾ ਪਾਇਆ ਗਿਆ ਤਾਂ ਪਰਦੂਸ਼ਣ ਨਿਯੰਤਰਣ ਨਿਯਮਾਂ ਅਨੁਸਾਰ 5,000/- ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ।
ਇਸ ਦੌਰਾਨ ਉਹਨਾਂ ਠੋਸ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੁੱਕੇ ਅਤੇ ਗਿੱਲੇ ਨੂੰ ਵੱਖ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਗਿਆ।
ਪ੍ਰੋਗਰਾਮ ਦੌਰਾਨ ਸਫਾਈ ਸੇਵਕਾਂ ਨੇ ਕਿਸੇ ਵੀ ਕਿਸਮ ਦੇ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਸਖ਼ਤੀ ਨਾਲ ਬਚਣ, ਸੁੱਕੇ ਅਤੇ ਗਿੱਲੇ ਰਹਿੰਦ-ਖੂੰਹਦ ਨੂੰ ਸਹੀ ਢੰਗ ਨਾਲ ਵੱਖ ਕਰਨਾ ਯਕੀਨੀ ਬਣਾਉਣ ਅਤੇ ਆਪਣੇ-ਆਪਣੇ ਵਾਰਡਾਂ ਦੇ ਵਸਨੀਕਾਂ ਨੂੰ ਇੱਕ ਸਿਹਤਮੰਦ ਵਾਤਾਵਰਣ ਲਈ ਸਾਫ਼ ਅਤੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ।
ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਨਗਰ ਕੌਂਸਲ ਭਦੌੜ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

