ਚੰਡੀਗੜ੍ਹ, 2 ਜਨਵਰੀ:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਡਾ. ਬਲਜੀਤ ਕੌਰ ਨੇ ਵਿੱਤੀ ਸਾਲ 2025-26 ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਐਸ.ਸੀ. ਸਬ-ਪਲਾਨ ਤਹਿਤ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਲਈ ਰੱਖੀ ਗਈ ਰਾਸ਼ੀ ਹਾਲੇ ਤੱਕ ਖਰਚ ਨਹੀਂ ਹੋਈ, ਉਸ ਦੀ ਵਰਤੋਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਸ਼ੀ ਤੁਰੰਤ ਜਾਰੀ ਕਰਵਾ ਕੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾਵੇ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਐਸ.ਸੀ. ਸਬ-ਪਲਾਨ ਤਹਿਤ ਰੱਖੀ ਗਈ ਰਾਸ਼ੀ ਦੀ ਵਰਤੋਂ ਸਿਰਫ਼ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਗਲਤ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਵਿਭਾਗਾਂ ਵੱਲੋਂ ਕਵਰ ਕੀਤੇ ਜਾ ਰਹੇ ਲਾਭਪਾਤਰੀਆਂ ਅਤੇ ਪਿੰਡਾਂ ਦੀ ਵਿਸਥਾਰਪੂਰਕ ਸੂਚੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਮੁਹੱਈਆ ਕਰਵਾਈ ਜਾਵੇ, ਤਾਂ ਜੋ ਰਾਖਵੇਂ ਫੰਡਾਂ ਦੀ ਸਹੀ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਈ ਜਾ ਸਕੇ।
ਡਾ. ਬਲਜੀਤ ਕੌਰ ਨੇ ਵਿਭਾਗਾਂ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮੌਜੂਦਾ ਲੋੜਾਂ ਦੇ ਅਨੁਕੂਲ ਨਵੀਆਂ, ਲੋਕ-ਹਿਤੈਸ਼ੀ ਅਤੇ ਨਿਵੇਕਲੀਆਂ ਸਕੀਮਾਂ ਤਿਆਰ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਨੁਸੂਚਿਤ ਜਾਤੀਆਂ ਦੇ ਸਮੂਹਿਕ ਵਿਕਾਸ, ਸਸ਼ਕਤੀਕਰਨ ਅਤੇ ਉਨ੍ਹਾਂ ਦੀ ਜੀਵਨ-ਪੱਧਰ ਨੂੰ ਸੁਧਾਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ।
ਮੰਤਰੀ ਨੇ ਐਸ.ਸੀ. ਸਬ-ਪਲਾਨ ਦੀ ਪ੍ਰਗਤੀ ਦੀ ਨਿਰੰਤਰ ਸਮੀਖਿਆ ਲਈ ਜਲਦੀ ਹੀ ਦੁਬਾਰਾ ਅਜਿਹੀ ਬੈਠਕ ਕਰਨ ਦੀ ਗੱਲ ਵੀ ਕਹੀ, ਤਾਂ ਜੋ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸਕੀਮਾਂ ਦਾ ਲਾਗੂਕਰਨ ਹੋਰ ਵੱਧ ਸੁਚਾਰੂ, ਸਮੇਂ-ਸਿਰ ਅਤੇ ਪ੍ਰਭਾਵੀ ਬਣਾਇਆ ਜਾ ਸਕੇ।
ਇਸ ਬੈਠਕ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ (ਆਈ.ਏ.ਐਸ), ਐਸ.ਸੀ. ਸਬ-ਪਲਾਨ ਲਈ ਨੋਡਲ ਵਿਭਾਗ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਵੀ.ਕੇ. ਮੀਨਾ (ਆਈ.ਏ.ਐੱਸ.), ਡਾਇਰੈਕਟਰ-ਕਮ-ਵਧੀਕ ਸਕੱਤਰ ਸ਼੍ਰੀਮਤੀ ਵਿੰਮੀ ਭੁੱਲਰ (ਆਈ.ਏ.ਐੱਸ.), ਖੋਜ ਅਫ਼ਸਰ ਡਾ. ਲਿਵਪ੍ਰੀਤ ਕੌਰ ਅਤੇ ਸ਼੍ਰੀ ਕਮਲਜੀਤ ਸਿੰਘ ਵੀ ਹਾਜ਼ਰ ਰਹੇ।

