ਤਰਨ ਤਾਰਨ 30 ਜਨਵਰੀ –
ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਓਪੀਡੀ, ਵੱਖ ਵੱਖ ਵਾਰਡਾਂ, ਲੈਬੋਰਟਰੀ ਦਾ ਦੌਰਾ ਕਰਨ ਦੇ ਨਾਲ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ। ਇਸ ਦੌਰਾਨ ਉਹਨਾਂ ਨੇ ਸਿਵਲ ਹਸਪਤਾਲ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਸਬੰਧੀ ਉਹਨਾਂ ਦੀ ਫੀਡਬੈਕ ਹਾਸਲ ਕੀਤੀ।
ਇਸ ਮੌਕੇ ਐਸਡੀਐਮ ਗੁਰਮੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਤੱਕ ਪਹੁੰਚਾਉਣ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਬਾਹਰਲੇ ਮੈਡੀਕਲ ਸਟੋਰਾਂ ਤੋਂ ਦਵਾਈਆਂ ਨਾ ਲਿਖ ਕੇ ਦਿੱਤੀਆਂ ਜਾਣ ਅਤੇ ਮਰੀਜ਼ਾਂ ਨੂੰ ਸਾਰੀ ਦਵਾਈ ਹਸਪਤਾਲ ਵਿੱਚੋਂ ਬਿਲਕੁਲ ਮੁਫਤ ਦਿੱਤੀ ਜਾਵੇ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾ ਦੇ ਮੁਫਤ ਇਲਾਜ ਦੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਉਠਾ ਸਕਣ।
ਉਹਨਾਂ ਕਿਹਾ ਕਿ ਜੇਕਰ ਕਿਸੇ ਸਿਹਤ ਅਧਿਕਾਰੀ ਜਾਂ ਕਰਮਚਾਰੀ ਨੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਹਨਾਂ ਖਿਲਾਫ ਸਖਤ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ। ਉਹਨਾਂ ਕਿਹਾ ਕਿ ਅੱਜ ਦੇ ਦੌਰੇ ਦੌਰਾਨ ਵੀ ਜੋ ਊਣਤਾਈਆਂ ਸਾਹਮਣੇ ਆਈਆਂ ਹਨ ਉਹਨਾਂ ਨੂੰ ਦੂਰ ਕਰਨ ਲਈ ਸਿਵਲ ਸਰਜਨ ਨੂੰ ਲਿਖਿਆ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਮਿਆਰੀ ਅਤੇ ਮੁਫਤ ਇਲਾਜ ਸਹੂਲਤ ਬਿਨਾਂ ਕਿਸੇ ਖੱਜਲ ਖੁਵਾਰੀ ਦੇ ਮਿਲ ਸਕਣ।

