ਫ਼ਰੀਦਕੋਟ 29 ਜਨਵਰੀ
ਫ਼ਰੀਦਕੋਟ-ਕੋਟਕਪੂਰਾ ਰੋਡ ਉੱਪਰ ਪੈਂਦੀ ਲੰਘੇਆਣਾ ਡ੍ਰੇਨ, ਨੇੜੇ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪੁਲ ਦੀ ਉਸਾਰੀ ਦਾ ਕੰਮ ਲਗਭਗ 1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪੁਲ ਦੀ ਚੌੜਾਈ ਕਰੀਬ 16 ਮੀਟਰ (53 ਫੁੱਟ) ਹੋਵੇਗੀ।
ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੀਤਾ ਜਾਵੇਗਾ, ਜਿਸਨੂੰ ਨੈਸ਼ਨਲ ਹਾਈਵੇ ਡਿਵੀਜ਼ਨ, ਲੋਕ ਨਿਰਮਾਣ ਵਿਭਾਗ ਫ਼ਰੀਦਕੋਟ ਵੱਲੋਂ 9 ਮਹੀਨੇ ਦੇ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ। ਇਸ ਕੰਮ ਦੇ ਟੈਂਡਰ ਅਲਾਟ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਸ ਪੁਲ ਦੀ ਮੰਗ ਕੀਤੀ ਜਾ ਰਹੀ ਸੀ, ਪੁਲ ਦੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ ਅਤੇ ਪਿਛਲੇ ਸਮੇਂ ਦੌਰਾਨ ਇੱਥੇ ਕਈ ਹਾਦਸੇ ਵਾਪਰ ਚੁੱਕੇ ਹਨ। ਸ.ਸੇਖੋਂ ਨੇ ਕਿਹਾ ਕਿ ਇਸ ਪੁਲ ਦੀ ਉਸਾਰੀ ਨਾਲ ਆਵਾਜਾਈ ਸੁਚਾਰੂ ਹੋਵੇਗੀ ਅਤੇ ਹਾਦਸਿਆਂ ’ਤੇ ਕਾਬੂ ਪਾਇਆ ਜਾਵੇਗਾ।
ਉਨ੍ਹਾਂ ਇਸ ਵਿਕਾਸ ਕਾਰਜ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸੰਬੰਧਿਤ ਵਿਭਾਗ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਲਾਕੇ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਉਹਨਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ।

