ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ

ਧੂਰੀ/ਸੰਗਰੂਰ, 11 ਫ਼ਰਵਰੀ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਦਾ ਪਿੰਡ ਪਲਾਸੌਰ ਸ਼ਹਿਰਾਂ ਨੂੰ ਮਾਤ ਪਾਉਂਦਾ ਹੋਇਆ ਆਧੁਨਿਕ ਤਕਨੀਕਾਂ ਨਾਲ ਲੈਸ ਹੋ ਗਿਆ ਹੈ, ਜਿੱਥੇ ਸੁਰੱਖਿਆ ਲਈ 49 ਸੀਸੀਟੀਵੀ ਕੈਮਰੇ ਅਤੇ ਵਿਦਿਆਰਥੀਆਂ ਲਈ ਪ੍ਰੋਜੈਕਟਰ ਵਰਗੀਆਂ ਅਤਿ ਆਧੁਨਿਕ ਸਹੂਲਤਾਂ ਉਪਲਬਧ ਹਨ।

ਪਿੰਡ ਪਲਾਸੌਰ ਦੇ ਸਰਪੰਚ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਹਨ ਅਤੇ ਪਿੰਡ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਪਲਾਸੌਰ ਵਿੱਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਲਾਈਬਰੇਰੀ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਮਾਹੌਲ ਮਿਲੇਗਾ। ਇਸ ਦੇ ਨਾਲ ਹੀ ਪਿੰਡ ਦੇ ਸਕੂਲ ਵਿੱਚ ਨਵੇਂ ਬਾਥਰੂਮ ਬਣਾਏ ਜਾ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ਲਈ ਦੋ ਪ੍ਰੋਜੈਕਟਰ ਵੀ ਖਰੀਦੇ ਗਏ ਹਨ, ਤਾਂ ਜੋ ਪੜ੍ਹਾਈ ਦਾ ਮਿਆਰ ਹੋਰ ਉੱਚਾ ਕੀਤਾ ਜਾ ਸਕੇ।

ਸਰਪੰਚ ਗੁਰਮੀਤ ਸਿੰਘ ਨੇ ਹੋਰ ਦੱਸਿਆ ਕਿ ਪਿੰਡ ਪਲਾਸੌਰ ਤੋਂ ਰੂਪਾਹੇੜੀ ਵਾਲੀ ਸੜਕ ਨੂੰ ਕਰੀਬ 3.4 ਕਰੋੜ ਰੁਪਏ ਦੀ ਲਾਗਤ ਨਾਲ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਇਸ ਸੜਕ ਦੀ ਕੁੱਲ ਲੰਬਾਈ 6.3 ਕਿਲੋਮੀਟਰ ਹੈ, ਜਿਸ ਨਾਲ ਇਲਾਕਾ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਤੋਂ ਇਲਾਵਾ ਪਿੰਡ ਦੀ ਫਿਰਨੀ ਨੂੰ ਵੀ ਚੌੜਾ ਕੀਤਾ ਜਾ ਰਿਹਾ ਹੈ ਅਤੇ ਪਿੰਡ ਵਿੱਚ ਇੱਕ ਪਾਰਕ ਵੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਪਿੰਡ ਵਿੱਚ ਨਵੀਂ ਡਿਸਪੈਂਸਰੀ ਦੀ ਉਸਾਰੀ ਕੀਤੀ ਗਈ ਹੈ, ਜਿਸ ਨਾਲ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ। ਇਸ ਤੋਂ ਇਲਾਵਾ ਸੁਰੱਖਿਆ ਪੱਖੋਂ ਪਿੰਡ ਵਿੱਚ 49 ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਤਾਂ ਜੋ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਸਹਾਇਤਾ ਮਿਲੇ।

ਸਰਪੰਚ ਗੁਰਮੀਤ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਨਾਲਾ ਵੀ ਚਾਲੂ ਕਰ ਦਿੱਤਾ ਗਿਆ ਹੈ, ਜਿਸ ਨਾਲ ਡਰੇਨੇਜ ਸੰਬੰਧੀ ਸਮੱਸਿਆ ਦਾ ਹੱਲ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੇ ਸਰਬਪੱਖੀ ਵਿਕਾਸ ਲਈ ਇਹ ਉਪਰਾਲੇ ਮੀਲ ਪੱਥਰ ਸਾਬਤ ਹੋਣਗੇ।

Leave a Reply

Your email address will not be published. Required fields are marked *